ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਡਰੱਗ ਮਾਫੀਆ 'ਤੇ ਨਕੇਲ ਕੱਸਣ ਲਈ ਸਖ਼ਤ ਰਵਈਆ ਅਖ਼ਤਿਆਰ ਕੀਤਾ ਹੈ। ਸ਼ਨੀਵਾਰ ਨੂੰ ਪੰਜਾਬ ਪੁਲਸ ਨੇ ਕਈ ਪਿੰਡਾਂ ਅਤੇ ਸ਼ਹਿਰਾਂ 'ਚ ਨਸ਼ਾ ਤਸਕਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਡਰੱਗ ਮਾਫ਼ੀਆ ਨਾਲ ਜੁੜੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।


ਡਰੱਗ ਮਾਫ਼ੀਆ ਖਿਲਫ਼ ਪੰਜਾਬ ਪੁਲਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਡਰੱਗ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਹਨਾਂ ਦੇ ਵਾਅਦੇ ਨੂੰ ਪੂਰਾ ਕਰਦਿਆਂ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕਰ ਰਹੀ ਹੈ। ਪੰਜਾਬ ਦੇ ਉੱਚ ਪੁਲਿਸ ਅਧਿਕਾਰੀ ਖ਼ੁਦ ਵੱਖ-ਵੱਖ ਥਾਵਾਂ 'ਤੇ ਵੱਡੇ ਪੱਧਰ 'ਤੇ ਸਰਚ ਅਭਿਆਨ ਚਲਾ ਰਹੇ ਹਨ।


ਰਾਘਵ ਚੱਢਾ ਨੇ ਟਵੀਟ ਕੀਤਾ, "ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ। ਪੰਜਾਬ ਦੇ ਉੱਚ ਪੁਲਿਸ ਅਧਿਕਾਰੀ ਖੁਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਗਰੰਟੀ ਦਿੱਤੀ ਸੀ।  ਨਸ਼ਿਆਂ ਤੇ ਮਾਨ ਦਾ ਵਾਰ!"


ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਡਰੱਗ ਮਾਫ਼ੀਆ ਅਤੇ ਪੁਰਾਣੇ ਸਿਆਸਤਦਾਨਾਂ ਦਾ ਗਠਜੋੜ ਟੁੱਟ ਗਿਆ ਹੈ। ਨਸ਼ਾ ਤਸਕਰਾਂ ਨੂੰ ਪੰਜਾਬ ਪੁਲਿਸ, ਸਿਆਸਤਦਾਨਾਂ ਜਾਂ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਸਰਪ੍ਰਸਤੀ ਹੁਣ ਨਹੀਂ ਮਿਲ ਰਹੀ। ਆਉਣ ਵਾਲੇ ਸਮੇਂ ਵਿੱਚ ਪੰਜਾਬ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਅਤੇ ਨਸ਼ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।


ਰਾਘਵ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਸ਼ਿਆਂ ਦਾ ਖੁੱਲ੍ਹੇਆਮ ਗੈਰ-ਕਾਨੂੰਨੀ ਕਾਰੋਬਾਰ ਹੁੰਦਾ ਸੀ ਕਿਉਂਕਿ ਪੁਲਿਸ ਅਤੇ ਸਿਆਸੀ ਵਿਅਕਤੀ ਡਰੱਗ ਮਾਫ਼ੀਆ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਸ਼ਹਿ ਦਿੰਦੇ ਸਨ। ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਡਰੱਗ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ।


ਸੀਨੀਅਰ ਆਗੂ ਅਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸੇ ਕਰਕੇ ਪੰਜਾਬ ਪੁਲਿਸ ਡਰੱਗ ਮਾਫ਼ੀਆ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਡੱਕ ਰਹੀ ਹੈ। ਮਾਨ ਸਰਕਾਰ 'ਚ ਨਸ਼ਾ ਵੇਚਣ ਵਾਲਿਆਂ ਨੂੰ ਅਤੇ ਉਹਨਾਂ ਨੂੰ ਸੁਰੱਖਿਆ ਜਾਂ ਸਰਪ੍ਰਸਤੀ ਦੇਣ ਵਾਲਿਆਂ ਦੀ ਥਾਂ ਸਿਰਫ਼ ਜੇਲ੍ਹ 'ਚ ਹੀ ਹੋਵੇਗੀ।