ਮਾਨ ਸਰਕਾਰ ਨੇ 31 ਦਸੰਬਰ ਤੋਂ ਪਹਿਲਾਂ ਵਾਲੇ ਸਾਰੇ ਬਕਾਇਆ ਬਿੱਲ ਬਿਨਾਂ ਸ਼ਰਤ ਕੀਤੇ ਮਾਫ਼
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਇਹ ਵੀ ਸਾਫ਼ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਕਾਇਆ ਬਿੱਲ ਬਿਨਾਂ ਕਿਸੇ ਸ਼ਰਤ ਮਾਫ਼ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੁਰਾਣੇ ਬਿੱਲ ਮਾਫ਼ ਕਰਨ 'ਤੇ 2 ਕਿਲੋਵਾਟ ਦੇ ਕਨੈਕਸ਼ਨ ਦੀ ਕੋਈ ਸ਼ਰਤ ਨਹੀਂ ਹੈ।
ਮਾਰਚ 'ਚ ਇਤਿਹਾਸਿਕ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਕੁਝ ਦਿਨ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਪ੍ਰੈਲ 2022 ਵਿੱਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਜੁਲਾਈ 2022 ਦੀ ਪਹਿਲੀ ਤਰੀਕ ਤੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰੇਗੀ।
ਪਿਛਲੇ ਸਾਲ, ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਆਪਣੀ ਪਹਿਲੀ ਗਾਰੰਟੀ ਦਿੱਤੀ ਸੀ ਕਿ ਜੇਕਰ ਸੂਬੇ ਵਿੱਚ ਉਹਨਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ। ਉਹਨਾਂ ਕਿਹਾ ਸੀ ਕਿ ਆਪ ਦੀ ਸਰਕਾਰ ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਅਤੇ ਵੱਡੇ ਬਿੱਲਾਂ ਤੋਂ ਛੁਟਕਾਰਾ ਮਿਲੇਗਾ।
ਪੰਜਾਬ 'ਚ ਬਿਜਲੀ ਮੁਫ਼ਤ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਕਿਹਾ, "ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ, ਪੂਰੇ ਹੁੰਦਿਆਂ ਪੰਜ ਸਾਲ ਬੀਤ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ 'ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਅਸੀਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ 'ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।"