Punjab News: ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਇਸ ਅੜੀਅਲ ਰਵੱਈਏ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਤਿੱਖਾ ਹਮਲਾ ਬੋਲਿਆ ਹੈ।
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮੈਂ ਭਗਵੰਤ ਮਾਨ ਸਰਕਾਰ ਦੇ ਇਸ ਕਠੋਰ ਅਤੇ ਤਾਨਾਸ਼ਾਹੀ ਹੁਕਮ ਦੀ ਸਖ਼ਤ ਨਿੰਦਾ ਕਰਦਾ ਹਾਂ ਜੋ ਪੰਜਾਬ ਵਿੱਚ ਵੀ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਕਰਨ ਦੇ ਅਧਿਕਾਰ ਤੋਂ ਇਨਕਾਰ ਕਰ ਰਿਹਾ ਹੈ। ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ, ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹੁਕਮ ਹੈ ਜੋ ਸਾਡੇ ਪ੍ਰਗਟਾਵੇ, ਬੋਲਣ ਅਤੇ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇ ਮੌਲਿਕ ਅਧਿਕਾਰਾਂ ਨੂੰ ਰੋਕਦਾ ਹੈ
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਨੇ ਕਿਹਾ ਸੀ ਜਮਹੂਰੀਅਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਹੋਰ ਵੀ ਬਹੁਤ ਸਾਰੇ ਢੰਗ-ਤਰੀਕੇ ਹਨ ਪਰ ਸਿਰਫ ਆਵਾਜਾਈ ਵਿੱਚ ਰੁਕਾਵਟ ਪਾ ਕੇ ਸੂਬੇ ਦੇ ਵਿਕਾਸ ਨੂੰ ਪੱਟੜੀ ਤੋਂ ਲਾਹੁਣ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਧਰਨੇ-ਪ੍ਰਦਰਸ਼ਨਾਂ ਦਾ ਖਮਿਆਜ਼ਾ ਪੰਜਾਬ ਵਾਸੀਆਂ ਖਾਸ ਕਰਕੇ ਕਿਰਤੀ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਜੋ ਰੋਜ਼ਮੱਰਾ ਦੇ ਕੰਮਕਾਜ ਕਰਕੇ ਸਖ਼ਤ-ਮਿਹਨਤ ਨਾਲ ਆਪਣੇ ਪਰਿਵਾਰਾਂ ਨੂੰ ਪਾਲਦੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ, ਧਰਨੇ-ਪ੍ਰਦਰਸ਼ਨ ਜਾਂ ਹੜਤਾਲਾਂ ਨੂੰ ਪੰਜਾਬ ਤੇ ਪੰਜਾਬੀਆਂ ਦੇ ਵਿਰੁੱਧ ਮੰਨਿਆ ਜਾਵੇਗਾ। ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :