Punjab News: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੈਕ ਫੁੱਟ 'ਤੇ ਆ ਗਈ ਹੈ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕਰਨ ਦੇ ਮੁੱਦੇ 'ਤੇ ਵਿਰੋਧੀ ਧਿਰ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਨਜ਼ਰ ਆ ਰਹੀ ਹੈ। ਤਣਾਅ ਦੇ ਡਰੋਂ ਭਗਵੰਤ ਮਾਨ ਨੇ ਬਜਟ ਸੈਸ਼ਨ ਸਬੰਧੀ ਹੋਣ ਵਾਲੀ ਕੈਬਨਿਟ ਮੀਟਿੰਗ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵਿਧਾਨ ਸਭਾ 'ਚ ਹੋਣ ਵਾਲੇ ਵਿਧਾਇਕਾਂ ਦਾ ਟ੍ਰੇਨਿੰਗ ਸੈਸ਼ਨ ਨੂੰ ਵੀ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਵੀਵੀਆਈਪੀ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਜਾਣਕਾਰੀ ਮਿਲੀ ਸੀ ਕਿ ਸਿੱਧੂ ਮੂਸੇਵਾਲਾ ਸਮੇਤ 424 ਲੋਕਾਂ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਇਸ ਘਟਨਾ ਦੇ ਇੱਕ ਦਿਨ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।

ਨਿਸ਼ਾਨੇ 'ਤੇ 'ਆਪ' ਸਰਕਾਰ
ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਇਸ ਮੁੱਦੇ 'ਤੇ ਭਗਵੰਤ ਮਾਨ ਦੀ ਸਰਕਾਰ 'ਤੇ ਹਮਲੇ ਕਰ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਸੁਰੱਖਿਆ 'ਚ ਕਟੌਤੀ ਕਾਰਨ ਹੋਈ ਹੈ। ਅਮਰਿੰਦਰ ਸਿੰਘ ਰਾਜਾ ਨੇ ਤਾਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਬਣੀ ਹੋਈ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਆਪਣੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਬਰਖਾਸਤ ਕਰ ਦਿੱਤਾ ਸੀ। ਇੰਨਾ ਹੀ ਨਹੀਂ ਹਾਲ ਹੀ ਵਿਚ ਵਾਪਰੀਆਂ ਇਨ੍ਹਾਂ ਦੋ ਵੱਡੀਆਂ ਘਟਨਾਵਾਂ ਦਾ ਅਸਰ ਅਗਲੇ ਮਹੀਨੇ ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀਆਂ ਉਪ ਚੋਣਾਂ 'ਤੇ ਵੀ ਦੇਖਿਆ ਜਾ ਸਕਦਾ ਹੈ।