Manpreet singh badal case: ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਗ੍ਰਿਫ਼ਤਾਰੀ ਦੇ ਡਰ ਤੋਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਵਕੀਲ ਰਾਹੀਂ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਨੇ ਇਸ ਅਰਜ਼ੀ 'ਚ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।
ਅਗਾਊਂ ਜ਼ਮਾਨਤ ਦੀ ਅਰਜ਼ੀ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੀ ਵੀਡੀਓ ਵੀ ਨੱਥੀ ਕੀਤੀ ਗਈ ਹੈ, ਜਿਸ ਵਿੱਚ ਮਾਨ ਮਨਪ੍ਰੀਤ ਖ਼ਿਲਾਫ਼ ਕੇਸ ਦਰਜ ਕਰਨ ਦਾ ਦਾਅਵਾ ਕਰ ਰਹੇ ਹਨ।
ਉੱਥੇ ਹੀ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਰਜ਼ੀ ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤੀ ਹੈ, ਜਿਸ ਲਈ ਵਿਜੀਲੈਂਸ ਨੂੰ 26 ਸਤੰਬਰ ਲਈ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਵੱਲੋਂ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਨੇੜੇ ਮਾਡਲ ਟਾਊਨ ਵਿੱਚ ਆਪਣਾ ਘਰ ਬਣਾਉਣ ਲਈ 1500 ਗਜ਼ ਦਾ ਪਲਾਟ ਖਰੀਦਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਦਾਇਰ ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ਿਕਾਇਤਕਰਤਾ ਸਰੂਪ ਸਿੰਗਲਾ ਨੇ ਲੋਕਪਾਲ ਪੰਜਾਬ ਨੂੰ ਪਲਾਟ ਦੀ ਖਰੀਦ ਵਿੱਚ ਧੋਖਾਧੜੀ ਦੀ ਸ਼ਿਕਾਇਤ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ।
ਵਿਜੀਲੈਂਸ ਨੂੰ ਨੋਟਿਸ ਜਾਰੀ
ਜਾਣਕਾਰੀ ਅਨੁਸਾਰ ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਰਜ਼ੀ ਵਧੀਕ ਤੇ ਜ਼ਿਲ੍ਹਾ ਸੈਸ਼ਨਜ਼ ਰਾਮ ਕੁਮਾਰ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤੀ ਹੈ, ਜਿਸ ਲਈ ਵਿਜੀਲੈਂਸ ਨੂੰ 26 ਸਤੰਬਰ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਵਿਜੀਲੈਂਸ ਅਦਾਲਤ ਵਿੱਚ ਆਪਣਾ ਜਵਾਬ ਦੇਵੇਗੀ। ਇੱਥੇ ਦੱਸ ਦੇਈਏ ਕਿ ਹੁਣ ਤੱਕ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਮਨਪ੍ਰੀਤ ਬਾਦਲ ਨੂੰ ਸਿਰਫ ਇੱਕ ਵਾਰ 24 ਜੁਲਾਈ ਨੂੰ ਸੱਦਿਆ ਸੀ ਪਰ ਇਸ ਤੋਂ ਬਾਅਦ ਮਨਪ੍ਰੀਤ ਬਾਦਲ ਦੀਆਂ ਸਿਆਸੀ ਸਰਗਰਮੀਆਂ ਘੱਟ ਗਈਆਂ ਸਨ।
ਸਰੂਪ ਚੰਦ ਸਿੰਗਲਾ ਨੇ ਕੀਤੀ ਸੀ ਸ਼ਿਕਾਇਤ
ਸਾਬਕਾ ਵਿਧਾਇਕ ਅਤੇ ਭਾਜਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸ਼ਿਕਾਇਤ ਕੀਤੀ ਸੀ ਕਿ ਮਨਪ੍ਰੀਤ ਨੇ ਆਪਣਾ ਸਰਕਾਰੀ ਪ੍ਰਭਾਵ ਵਰਤ ਕੇ ਇਨ੍ਹਾਂ ਪਲਾਟਾਂ ਨੂੰ ਖ਼ਰੀਦ ਕੇ ਸਰਕਾਰੀ ਖ਼ਜ਼ਾਨੇ ਦਾ ਚੂਨਾ ਲਾਇਆ ਹੈ। ਦੱਸ ਦੇਈਏ ਕਿ ਜਿਸ ਸਮੇਂ ਇਹ ਸ਼ਿਕਾਇਤ ਹੋਈ ਸੀ, ਉਸ ਸਮੇਂ ਮਨਪ੍ਰੀਤ ਕਾਂਗਰਸ ਵਿੱਚ ਸੀ ਅਤੇ ਉਸ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸ਼ਿਕਾਇਤਕਰਤਾ ਸਰੂਪ ਚੰਦ ਸਿੰਗਲਾ ਅਤੇ ਮਨਪ੍ਰੀਤ ਦੇ ਇਕੋ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਲੱਗਦਾ ਸੀ ਕਿ ਸਿੰਗਲਾ ਆਪਣੀ ਸ਼ਿਕਾਇਤ ਵਾਪਸ ਲੈ ਲੈਣਗੇ ਪਰ ਉਨ੍ਹਾਂ ਸ਼ਿਕਾਇਤ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab News: 72 ਪ੍ਰਿੰਸੀਪਲ ਸਿਖਲਾਈ ਲਈ ਸਿੰਗਾਪੁਰ ਰਵਾਨਾ, 5 ਦਿਨਾਂ 'ਚ ਸਿੱਖਣਗੇ ਸਕੂਲ ਪ੍ਰਬੰਧਨ ਦੇ ਨੁਕਤੇ