ਬਠਿੰਡਾ: ਕਰਫਿਊ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਾਸ਼ੀ ਇਸ ਲਈ ਜਾਰੀ ਕੀਤੀ ਗਈ ਹੈ ਤਾਂ ਜੋ ਕੋਈ ਗਰੀਬ ਪਰਿਵਾਰ ਕਰਫਿਊ ਦੌਰਾਨ ਭੁੱਖਾ ਨਾ ਰਹੇ। ਹਰ ਗਰੀਬ ਪਰਿਵਾਰ ਨੂੰ ਤਿੰਨ ਵਕਤ ਦੀ ਰੋਟੀ ਮਿਲਦੀ ਰਹੇ।

ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਕਿ ਦਵਾਈਆਂ ਤੇ ਦੁੱਧ ਨੂੰ ਅਗਲੇ 12 ਘੰਟਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਪੂਰੀ ਤਰ੍ਹਾਂ ਪਹੁੰਚਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰ ਵਿੱਚ ਸਾਫ ਸਫਾਈ 'ਤੇ ਵੀ ਪੂਰਾ ਧਿਆਨ ਦਿੱਤਾ ਜਾਣ ਦੇ ਆਦੇਸ਼ ਦਿੱਤੇ ਹਨ। ਨਗਰ ਨਿਗਮ ਦੀਆਂ ਗੱਡੀਆਂ ਰੋਜ਼ਾਨਾ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਤਾਂ ਜੋ ਗੰਦਗੀ ਨਾ ਫੈਲੇ।

ਕਰਫਿਊ ਦੌਰਾਨ ਪੰਜਾਬ ਦੇ ਬਹੁਤ ਸਾਰੇ ਪਰਿਵਾਰਾਂ ਦੇ ਬੱਚੇ ਵਿਦੇਸ਼ ਵਿੱਚ ਰਹਿ ਰਹੇ ਹਨ, ਜੇਕਰ ਉਹ ਵਾਪਸ ਪੰਜਾਬ ਆ ਰਹੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਮਾਪਿਆਂ ਲਈ ਕਰਫਿਊ ਪਾਸ ਜਾਰੀ ਕੀਤੇ ਜਾਣ ਦੀ ਵੀ ਮੰਗੀ ਕੀਤੀ ਜਾ ਰਹੀ ਹੈ। ਪਸ਼ੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਇਸ ਲਈ ਬਠਿੰਡਾ ਤਹਿਸੀਲਦਾਰ ਤੇ ਐਸਡੀਐਮ ਨੂੰ ਪਸ਼ੂਆਂ ਨੂੰ ਜਲਦੀ ਤੋਂ ਜਲਦੀ ਚਾਰਾ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਾਲਾਬਜ਼ਾਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਗਈ ਹੈ।