Punjab Politics: BJP ਨੇ ਭਾਬੀ ਦੇ ਵਿਰੋਧ ‘ਚ ਖਿੱਚ ਹੀ ਲਿਆਂਦਾ ਦਿਓਰ ! ਮਨਪ੍ਰੀਤ ਬਾਦਲ ਨੇ ਸਮਰਥਕਾਂ ਨੂੰ ਕੀਤੀ ਖ਼ਾਸ ਅਪੀਲ
Punjab Election 2024: ਸਾਬਕਾ ਕਾਂਗਰਸੀ ਆਗੂ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਮਨਪ੍ਰੀਤ ਬਾਦਲ ਨੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਆਪਣੇ ਸਮਰਥਕਾਂ ਨੂੰ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
Punjab Lok Sabha Elections: ਲੋਕ ਸਭਾ ਚੋਣ ਪ੍ਰਚਾਰ ਦੌਰਾਨ ਪੰਜਾਬ ਤੋਂ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਦੇ ਸਾਬਕਾ ਆਗੂ ਅਤੇ ਅਮਰਿੰਦਰ ਸਿੰਘ ਸਰਕਾਰ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਸਮਰਥਕਾਂ ਨੂੰ ਭਾਜਪਾ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ। ਸੋਸ਼ਲ ਮੀਡੀਆ ਪੋਸਟ ਵਿੱਚ, ਉਨ੍ਹਾਂ ਆਪਣੇ ਪ੍ਰਸ਼ੰਸਕਾਂ ਨੂੰ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਕਰਨ ਲਈ ਕਿਹਾ ਹੈ।
ਜ਼ਿਕਰ ਕਰ ਦਈਏ ਕਿ ਮਨਪ੍ਰੀਤ ਬਾਦਲ ਨੇ ਜਨਵਰੀ 2023 ਵਿੱਚ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਭਾਜਪਾ 'ਚ ਸ਼ਾਮਲ ਹੋ ਗਏ। ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਵਿੱਚ ਸਾਫ਼ ਸੁਥਰੇ ਅਕਸ ਵਾਲਾ ਆਗੂ ਮੰਨਿਆ ਜਾਂਦਾ ਹੈ। ਉਹ 1995, 1997, 2002, 2007, 2017 ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਪੰਜਾਬ ਸਰਕਾਰ ਵਿੱਚ ਦੋ ਵਾਰ ਵਿੱਤ ਰਹਿ ਚੁੱਕੇ ਹਨ।
ਵਿੱਤ ਮੰਤਰੀ ਵਜੋਂ ਉਨ੍ਹਾਂ ਦਾ ਪਹਿਲਾ ਕਾਰਜਕਾਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ 2007 ਤੋਂ 2010 ਤੱਕ ਸੀ। ਉਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਪੰਜਾਬ ਦੇ ਵਿੱਤ ਮੰਤਰੀ ਦੀ ਜ਼ਿੰਮੇਵਾਰੀ ਸੰਭਾਲੀ ਅਤੇ ਪੰਜਾਬ ਦਾ ਰਿਕਾਰਡ ਨੌਂ ਵਾਰ ਬਜਟ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਵਿੱਚ ਸਭ ਤੋਂ ਵੱਧ ਵਾਰ ਬਜਟ ਪੇਸ਼ ਕਰਨ ਦਾ ਰਿਕਾਰਡ ਉਨ੍ਹਾਂ ਦੇ ਨਾਂਅ ਹੈ।
ਮਨਪ੍ਰੀਤ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਹਨ। ਮਨਪ੍ਰੀਤ ਪਹਿਲੀ ਵਾਰ 1995 'ਚ ਗਿੱਦੜਬਾਹਾ ਤੋਂ ਅਕਾਲੀ ਦਲ ਦੀ ਟਿਕਟ 'ਤੇ ਵਿਧਾਨ ਸਭਾ ਲਈ ਚੁਣੇ ਗਏ ਸਨ। ਉਹ 1997, 2002 ਅਤੇ 2007 ਵਿੱਚ ਗਿੱਦੜਬਾਹਾ ਹਲਕੇ ਤੋਂ ਲਗਾਤਾਰ ਚੁਣੇ ਗਏ ਸਨ। ਸਾਲ 2007 ਵਿੱਚ ਪ੍ਰਕਾਸ਼ ਸਿੰਘ ਬਾਦਲ ਸਰਕਾਰ ਵਿੱਚ ਉਨ੍ਹਾਂ ਨੂੰ ਵਿੱਤ ਮੰਤਰੀ ਬਣਾਇਆ ਗਿਆ ਸੀ। ਕਰਜ਼ਾ ਮੁਆਫ਼ੀ ਦੀ ਪੇਸ਼ਕਸ਼ ਨੂੰ ਲੈ ਕੇ ਕੇਂਦਰ ਨਾਲ ਮਤਭੇਦ ਹੋਣ ਕਾਰਨ ਅਕਤੂਬਰ 2010 ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ।
2011 ਵਿੱਚ ਪੀਪਲਜ਼ ਪਾਰਟੀ ਆਫ ਪੰਜਾਬ ਦਾ ਗਠਨ ਕੀਤਾ
ਸਾਲ 2011 ਵਿੱਚ ਉਨ੍ਹਾਂ ਨੇ ਪੀਪਲਜ਼ ਪਾਰਟੀ ਆਫ ਪੰਜਾਬ ਦਾ ਗਠਨ ਕੀਤਾ। 2012 ਦੀਆਂ ਪੰਜਾਬ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੇ ਸੀਪੀਆਈ, ਸੀਪੀਐਮ ਅਤੇ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਨਾਲ ਗਠਜੋੜ ਕੀਤਾ। ਬਾਦਲ ਨੇ 2012 ਵਿੱਚ ਗਿੱਦੜਬਾਹਾ ਅਤੇ ਮੌੜ ਹਲਕਿਆਂ ਤੋਂ ਚੋਣ ਲੜੀ ਸੀ, ਪਰ ਦੋਵੇਂ ਸੀਟਾਂ ਹਾਰ ਗਏ ਸਨ। 15 ਜਨਵਰੀ 2016 ਨੂੰ ਮਨਪ੍ਰੀਤ ਨੇ ਆਪਣੀ ਪਾਰਟੀ ਨੂੰ ਕਾਂਗਰਸ ਵਿੱਚ ਰਲੇਵਾਂ ਕਰ ਲਿਆ। ਉਹ ਮਾਰਚ 2017 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਧਾਨ ਸਭਾ ਲਈ ਚੁਣੇ ਗਏ ਸਨ।