Manpreet Singh Badal: ਵਿਜੀਲੈਂਸ ਵੱਲੋਂ ਪਲਾਟ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰੀ ਦਾ ਡਰ ਸਤਾ ਰਿਹਾ ਹੈ। ਉਹ ਲਗਾਤਾਰ ਸਥਾਨ ਬਦਲ ਰਹੇ ਹਨ। ਸੂਤਰਾਂ ਮੁਤਾਬਕ ਮਨਪ੍ਰੀਤ ਬਾਦਲ ਉਕਤ ਮਾਮਲੇ 'ਚ ਅਦਾਲਤ ਤੋਂ ਰਾਹਤ ਮਿਲਣ ਤੱਕ ਰੂਪੋਸ਼ ਰਹਿਣਾ ਚਾਹੁੰਦੇ ਹਨ।



ਸਰਕਾਰੀ ਸੂਤਰਾਂ ਅਨੁਸਾਰ ਪਲਾਟ ਘੁਟਾਲੇ ਵਿੱਚ ਫੜੇ ਗਏ ਰਾਜੀਵ ਕੁਮਾਰ, ਅਮਨਦੀਪ ਸਿੰਘ ਤੇ ਵਿਕਾਸ ਅਰੋੜਾ ਨੇ ਮੁੱਢਲੀ ਪੁੱਛਗਿੱਛ ਦੌਰਾਨ ਵਿਜੀਲੈਂਸ ਕੋਲ ਅਹਿਮ ਖੁਲਾਸੇ ਕੀਤੇ ਹਨ। ਇਸ ਕਰਕੇ ਵਿਜੀਲੈਂਸ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਸੂਤਰਾਂ ਮੁਤਾਬਕ ਅਜੇ ਤੱਕ ਇਸ ਮਾਮਲੇ ਵਿੱਚ ਮਨਪ੍ਰੀਤ ਬਾਦਲ ਦੀ ਸਿੱਧੀ ਸ਼ਮੂਲੀਅਤ ਦੇ ਸਬੂਤ ਵਿਜੀਲੈਂਸ ਦੇ ਹੱਥ ਨਹੀਂ ਲੱਗੇ ਪਰ ਉਨ੍ਹਾਂ ਦਾ ਕਰੀਬੀ ਇਹ ਸਭ ਸੰਭਾਲਦਾ ਸੀ।



ਤਿੰਨਾਂ ਮੁਲਜ਼ਮਾਂ ਵੱਲੋਂ ਕੀਤੇ ਖੁਲਾਸੇ ਮਗਰੋਂ ਹੀ ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਦੇ ਰਿਸ਼ਤੇਦਾਰਾਂ ਤੇ ਨਜ਼ਦੀਕੀਆਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਮਨਪ੍ਰੀਤ ਬਾਦਲ ਤਾਂ ਪਹਿਲਾਂ ਹੀ ਰੂਪੋਸ਼ ਹੋ ਚੁੱਕਾ ਹੈ, ਉਸ ਦੇ ਨਾਲ ਉਸ ਦਾ ਬਹੁਤ ਕਰੀਬੀ ਰਿਸ਼ਤੇਦਾਰ ਵੀ ਰੂਪੋਸ਼ ਹੋ ਗਿਆ ਹੈ।
 


ਇਹ ਵੀ ਚਰਚਾ ਹੈ ਕਿ ਵਿਜੀਲੈਂਸ ਮਨਪ੍ਰੀਤ ਬਾਦਲ ਦੀ ਹਰ ਜਾਇਦਾਦ ਦੀ ਜਾਂਚ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਵਿੱਤ ਮੰਤਰੀ ਵਜੋਂ ਮਨਪ੍ਰੀਤ ਬਾਦਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਆਮਦਨ ਤੇ ਜਾਇਦਾਦ ਵਿੱਚ ਹੋਏ ਵਾਧੇ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਵਿਜੀਲੈਂਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।



ਉਧਰ, ਵਿਜੀਲੈਂਸ ਵੱਲੋਂ ਫੜੇ ਗਏ ਰਾਜੀਵ ਕੁਮਾਰ ਤੇ ਅਨਮਦੀਪ ਸਿੰਘ ਦਾ ਰਿਮਾਂਡ 28 ਸਤੰਬਰ ਨੂੰ ਖਤਮ ਹੋਣ ਜਾ ਰਿਹਾ ਹੈ। ਇਸ ਕਾਰਨ ਵਿਜੀਲੈਂਸ ਵੱਲੋਂ ਅੱਜ ਫਿਰ ਤੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪਲਾਟ ਘਪਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਬੋਲੀ ਦੇ ਸਮੇਂ ਵਰਤਿਆ ਗਿਆ ਕੰਪਿਊਟਰ ਜ਼ਬਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਫੜੇ ਗਏ ਤਿੰਨਾਂ ਮੁਲਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।