ਕੇਂਦਰੀ ਸਕੀਮਾਂ ਦਾ ਲੋਕਾਂ ਤੱਕ ਪਹੁੰਚਾਇਆ ਜਾਵੇ ਵੱਧ ਤੋਂ ਵੱਧ ਲਾਭ: ਸੋਮ ਪ੍ਰਕਾਸ਼
ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜ਼ਿਲ੍ਹੇ ਵਿਚ ਲੋਕਾਂ ਤੱਕ ਵੱਧ ਤੋਂ ਵੱਧ ਕੇਂਦਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਵੰਚਿਤ ਨਾ ਰਹਿਣ ਦਿੱਤਾ ਜਾਵੇ।
Punjab News: ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਜ਼ਿਲ੍ਹੇ ਵਿਚ ਲੋਕਾਂ ਤੱਕ ਵੱਧ ਤੋਂ ਵੱਧ ਕੇਂਦਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਵੰਚਿਤ ਨਾ ਰਹਿਣ ਦਿੱਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੇਂਦਰੀ ਯੋਜਨਾਵਾਂ ਦਾ ਜਾਇਜ਼ਾ ਲੈਣ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਅਤੇ ਵਧੀਕ ਡਿਪਟੀ ਕਮਿਸ਼ਨਰ ਦਲਜੀਤ ਕੌਰ ਵੀ ਮੌਜੂਦ ਸਨ।
ਕੇਂਦਰੀ ਰਾਜ ਮੰਤਰੀ ਨੇ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ ਅਤੇ ਜਿਹੜੇ ਕਾਰਜ ਅਜੇ ਸ਼ੁਰੂ ਨਹੀਂ ਹੋਏ, ਉਨ੍ਹਾਂ ਦੀ ਵੀ ਜਲਦ ਸ਼ੁਰੂਆਤ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਯੋਜਨਾਵਾਂ ਦਾ ਸਮੇਂ ਸਿਰ ਲਾਭ ਦਿੱਤਾ ਜਾ ਸਕੇ।
ਉਨ੍ਹਾਂ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵਲੋਂ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਯੋਗ ਵਿਅਕਤੀ ਇਨ੍ਹਾਂ ਸੁਵਿਧਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸ਼ੁਰੂ ਕੀਤੇ ਗਏ ਕਾਰਜ ਜਲਦ ਮੁਕੰਮਲ ਕੀਤੇ ਜਾਣ।
ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਮਗਨਰੇਗਾ, ਸਰਕਾਰੀ ਮੈਡੀਕਲ ਕਾਲਜ ਹੁਸ਼ਿਆਰਪੁਰ, ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ, ਪ੍ਰਧਾਨ ਮੰਤਰੀ ਸੜਕ ਯੋਜਨਾ, ਅਮਰੂਤ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਸਿਹਤ ਮਿਸ਼ਨ, ਪ੍ਰਧਾਨ ਮੰਤਰੀ ਉਜਵੱਲ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਆਦਿ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਯੋਜਨਾਵਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ। ਇਸ ਤੋਂ ਇਲਾਵਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਤੋਂ ਲਗਾਤਾਰ ਰਿਵੀਊ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਭਲਾਈ ਯੋਜਨਾਵਾਂ ਤੋਂ ਕੋਈ ਵੀ ਵਿਅਕਤੀ ਵੰਚਿਤ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਲਈ ਕਿਹਾ। ਇਸ ਮੌਕੇ ਐਸ.ਪੀ. (ਐਚ)ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਸਾਬਕਾ ਮੇਅਰ ਸ਼ਿਵ ਸੂਦ, ਵਿਜੇ ਪਠਾਨੀਆ, ਕੌਂਸਲਰ ਸੁਰਿੰਦਰ ਭੱਟੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।