ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਹੋ ਰਹੇ ਹਨ। ਇਸ ਦੌਰਾਨ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਪੰਜਾਬੀ ਗਾਇਕ ਦੇ ਕਤਲ ਨੂੰ ਸੂਬੇ ਦੇ ਕੁਸ਼ਾਸਨ ਦਾ ‘ਪ੍ਰਤੀਕ’ ਦੱਸਿਆ ਹੈ। ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬੀ ਗਾਇਕ ਦਾ ਕਤਲ ਸੂਬੇ ਵਿੱਚ 90ਵੀਂ ਘਟਨਾ ਹੈ।



ਮੀਨਾਕਸ਼ੀ ਲੇਖੀ ਨੇ ਏਐਨਆਈ ਨੂੰ ਦੱਸਿਆ ਕਿ ਸੂਬੇ ਵਿੱਚ ਇਹ ਕੋਈ ਪਹਿਲਾ ਕਤਲ ਨਹੀਂ ਹੈ, ਇਹ 90ਵਾਂ ਕਤਲ ਹੈ। ਕਿਉਂਕਿ ਜਦੋਂ ਤੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਈ ਹੈ। ਅਪਰਾਧਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਸੂਬੇ ਵਿੱਚ ਚੱਲ ਰਹੇ ਕੁਸ਼ਾਸਨ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਟੈਂਡਅੱਪ ਕਾਮੇਡੀਅਨ ਹੋਣਾ ਇਕ ਗੱਲ ਹੈ ਤੇ ਕਾਨੂੰਨ ਵਿਵਸਥਾ ਨੂੰ ਸੰਭਾਲਣਾ ਦੂਜੀ ਗੱਲ ਹੈ। ਜਲਦੀ ਇਨਸਾਫ਼ ਹੋਣਾ ਚਾਹੀਦਾ ਹੈ।

ਇਸ ਦੌਰਾਨ, ਸਿੱਧੂ ਮੂਸੇਵਾਲਾ ਦੀ ਹੱਤਿਆ ਲਈ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੌਜੂਦਾ ਸੂਬਾ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਅਸ਼ਵਨੀ ਕੁਮਾਰ ਸ਼ਰਮਾ ਅਨੁਸਾਰ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਘਟਾ ਕੇ ਜਨਤਕ ਤੌਰ 'ਤੇ ਐਲਾਨ ਕੀਤਾ। ਇਸ ਨਾਲ ਕਾਤਲ ਨੂੰ ਜੁਰਮ ਕਰਨ ਦਾ ਮੌਕਾ ਮਿਲ ਗਿਆ। ਉਨ੍ਹਾਂ ਨੇ ਸੁਤੰਤਰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਤੋਂ ਜਾਂਚ ਦੀ ਮੰਗ ਵੀ ਕੀਤੀ।