ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟ੍ਰੇਲੀਆ 'ਚ ਹੋਣ ਵਾਲੇ 20-20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਚੁਣੇ ਜਾਣ 'ਤੇ ਅੱਜ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ 'ਤੇ ਮਿਲ ਕੇ ਵਧਾਈ ਦਿੱਤੀ ਹੈ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰੇਗਾ।



ਖੇਡ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ-24 ਸਥਿਤ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਥੋੜ੍ਹੇ ਸਮੇਂ 'ਚ ਆਪਣੇ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ 'ਚ ਸ਼ਾਨਦਾਰ ਪ੍ਰਦਰਸ਼ਨ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਸਖਤ ਮਿਹਨਤ ਅਤੇ ਲਗਨ ਨਾਲ ਉਸਨੇ ਘਰੇਲੂ ਕ੍ਰਿਕਟ ਅਤੇ ਆਈਪੀਐਲ ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾ ਬਣਾਈ ਅਤੇ ਆਪਣੇ 11 ਮੈਚਾਂ ਦੇ ਅੰਤਰਰਾਸ਼ਟਰੀ ਕਰੀਅਰ ਦੇ ਆਖਰੀ ਓਵਰਾਂ ਵਿੱਚ ਇੱਕ ਪ੍ਰਮੁੱਖ ਖਿਡਾਰੀ ਬਣ ਗਏ।

ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਵਿੱਚ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਲਈ ਚੰਗੀ ਖੇਡ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਅਰਸ਼ਦੀਪ ਸਿੰਘ ਦਾ ਅਭਿਆਸ ਸੈਸ਼ਨ ਦੇਖਿਆ ਅਤੇ ਹੌਸਲਾ ਵੀ ਵਧਾਇਆ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ-16 ਅਕੈਡਮੀ ਦੇ ਖਿਡਾਰੀਆਂ ਨਾਲ ਬੱਲੇਬਾਜ਼ੀ ਕਰਕੇ ਨੈੱਟ ਪ੍ਰੈਕਟਿਸ ਵੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਦੀਪ ਦਹੀਆ ਅਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।