ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੇ ਕਿ ਪੰਜਾਬ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲਿਆ ਰਹੀ ਹੈ ਜਿਸ ਅਨੁਸਾਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਪੱਕੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਨੀਤੀ ਅਨੁਸਾਰ ਪੈਰਾ ਓਲੰਪਿਕ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।


ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਸੂਬੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਸਬੰਧੀ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ। ਇਸ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਖੇਡ ਮੇਲਾ-2022 ਦੀ ਰਜਿਸਟ੍ਰੇਸ਼ਨ ਵੈੱਬਸਾਈਟ www.punjabkhedmela2022.in ’ਤੇ ਆਨਲਾਈਨ ਕੀਤੀ ਜਾ ਸਕਦੀ ਹੈ ਤੇ ਆਫ ਲਾਈਨ ਲਈ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ’ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ 'ਤੇ ਛਿੜਿਆ ਵਿਵਾਦ, ਸ਼੍ਰੋਮਣੀ ਕਮੇਟੀ ਕਰੇਗੀ ਸਖ਼ਤ ਕਾਰਵਾਈ

ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਵਿਭਾਗ ਦੇ ਪੋਰਟਲ ਉੱਤੇ 25 ਅਗਸਤ ਤੱਕ ਆਨ ਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ ਪਹਿਲੀ ਤੋਂ 7 ਸਤੰਬਰ, ਜ਼ਿਲ੍ਹਾ ਪੱਧਰੀ 12 ਤੋਂ 22 ਸਤੰਬਰ ਤੇ ਰਾਜ ਪੱਧਰੀ 10 ਤੋਂ 21 ਅਕਤੂਬਰ ਤੱਕ ਹੋਣਗੇ।

ਉਨ੍ਹਾਂ ਦੱਸਿਆ ਕਿ ਅੰਡਰ-14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖੇਡਾਂ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਵੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ  ਕੁੱਲ 6 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ਖਿਡਾਰੀਆਂ ਦੇ ਡੋਪ ਟੈਸਟ ਕੀਤੇ ਜਾਣਗੇ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।