ਖੇਡਾਂ ਵਤਨ ਪੰਜਾਬ ਦੀਆਂ; ਮੀਤ ਹੇਅਰ ਵੱਲੋਂ ਚਾਰ ਜ਼ਿਲ੍ਹਿਆਂ ਦਾ ਦੌਰਾ ਕਰਕੇ ਪੰਜਾਬ ਖੇਡ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਮੀਤ ਹੇਅਰ ਨੇ ਆਖਿਆ ਕਿ ਇਸ ਖੇਡ ਮਹਾਂਕੁੰਭ ਵਿੱਚ ਗਰੇਡਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ ਖੇਡਾਂ ਵਿੱਚ ਵੱਖ-ਵੱਖ ਉਮਰ ਗਰੁੱਪਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ।
ਚੰਡੀਗੜ : ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ, ਪ੍ਰਤਿਭਾ ਤੇ ਹੁਨਰ ਦੀ ਭਾਲ ਕਰਨ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਦੇ ਮੰਤਵ ਨਾਲ ਖੇਡ ਵਿਭਾਗ ਵੱਲੋਂ 29 ਅਗਸਤ ਤੋਂ ਕਰਵਾਏ ਜਾ ਰਹੇ ਪੰਜਾਬ ਖੇਡ ਮੇਲਾ-2022 ਦੀਆਂ ਜ਼ਮੀਨੀ ਪੱਧਰ ਉਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਚਾਰ ਜ਼ਿਲਿਆਂ ਦਾ ਦੌਰਾ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਖੇਡ ਡਾਇਰੈਕਟਰ ਰਾਜੇਸ਼ ਧੀਮਾਨ ਵੀ ਨਾਲ ਹਾਜ਼ਰ ਸਨ।
ਖੇਡ ਮੰਤਰੀ ਨੇ ਮੁਹਾਲੀ, ਰੋਪੜ, ਫਤਹਿਗੜ ਸਾਹਿਬ ਤੇ ਪਟਿਆਲਾ ਦਾ ਦੌਰਾ ਕਰਦਿਆਂ ਜ਼ਿਲਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਜੁੜੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਉਤੇ ਚੱਲਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਤਹਿਤ ‘ਪੰਜਾਬ ਖੇਡ ਮੇਲਾ-2022’ ਕਰਵਾਇਆ ਜਾ ਰਿਹਾ ਹੈ। ਖੇਡ ਮੇਲੇ ਦਾ ਉਦਘਾਟਨ ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਕਰ ਰਹੇ ਹਨ।
ਮੀਤ ਹੇਅਰ ਨੇ ਆਖਿਆ ਕਿ ਇਸ ਖੇਡ ਮਹਾਂਕੁੰਭ ਵਿੱਚ ਗਰੇਡਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ ਖੇਡਾਂ ਵਿੱਚ ਵੱਖ-ਵੱਖ ਉਮਰ ਗਰੁੱਪਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਇਹ ਖੇਡ ਮੇਲਾ ਦੋ ਮਹੀਨੇ ਤੱਕ ਚੱਲੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਬਲਾਕ ਪੱਧਰੀ ਟੂਰਨਾਮੈਂਟ 1 ਸਤੰਬਰ ਤੋਂ 7 ਸਤੰਬਰ 2022 ਤੱਕ, ਜ਼ਿਲਾ ਪੱਧਰੀ ਟੂਰਨਾਮੈਂਟ 12 ਸਤੰਬਰ ਤੋਂ 22 ਸਤੰਬਰ 2022 ਤੱਕ ਅਤੇ ਰਾਜ ਪੱਧਰੀ ਟੂਰਨਾਮੈਂਟ 10 ਅਕਤੂਬਰ ਤੋਂ 21 ਅਕਤੂਬਰ 2022 ਤੱਕ ਹੋਣਗੇ।
ਖੇਡ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰ ਦੇ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ।