Meeting on SYL: ਸਤਲੁਜ ਯਮੁਨਾ ਲਿੰਕ (SYL) 'ਤੇ ਹਰਿਆਣਾ ਤੇ ਪੰਜਾਬ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ 'ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਕਿਹਾ ਕਿ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਐਸਵਾਈਐਲ ਨੂੰ ਲੈ ਕੇ ਕੋਈ ਹੱਲ ਨਿਕਲੇਗਾ।


ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ 'ਤੇ ਸਿਆਸਤ ਨਾ ਕਰਨ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ। ਇਸ ਲਈ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕੀਤਾ ਜਾਏ। 


ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।


ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਸੀ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਇਸ ਕਰਕੇ ਪਿਛਲੀਆਂ ਦੋ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐਸਵਾਈਐਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਸੀ।


ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਪਗ ਪੂਰੀ ਹੋ ਚੁੱਕੀ ਹੈ। ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।