ਅੰਮ੍ਰਿਤਸਰ: ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ 'ਚਾ ਸੰਖੇਪ ਮੀਟਿੰਗ ਹੋਈ। ਇਸ ਮੀਟਿੰਗ ‘ਚ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ 'ਤੇ ਅਮਲ ਕਰਨ ਉੱਤੇ ਜ਼ੋਰ ਦਿੱਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ3ਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਇਸ ਮੀਟਿੰਗ ‘ਚ ਪੰਜਾਬ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਸ਼ਾਮਿਲ ਹੋਏ ਪਰ ਇਸ ਮੀਟਿੰਗ ਚੋਂ ਸੁਖਜਿੰਦਰ ਸਿੰਘ ਰੰਧਾਵਾ ਗੈਰਹਾਜ਼ਰ ਰਹੇ।

ਇਸ ਦੇ ਨਾਲ ਹੀ ਮੀਟਿੰਗ 'ਚ ਬੀਬੀ ਜਗੀਰ ਕੌਰ ਤੇ ਜਥੇਦਾਰ ਤੋਤਾ ਸਿੰਘ ਵੀ ਹਾਜ਼ਰ ਰਹੇ। ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗੈਰਹਾਜ਼ਰ ਰਹਿਣ ਦੇ ਮੁੱਦੇ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਚਰਨਜੀਤ ਚੰਨੀ ਵੱਲੋ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ।

ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਹੈ ਕਿ ਸਾਰੇ ਇਸ ਸਮਾਗਮ ਨੂੰ ਰਲ ਕੇ ਮਨਾਉਣਗੇ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਹ ਨੁਮਾਇੰਦੇ ਵਜੋਂ ਹੀ ਪੁੱਜੇ ਹਨ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਪ੍ਰਸਤਾਵ ਚਰਨਜੀਤ ਚੰਨੀ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ। ਜਿਸ ਨੂੰ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਉਣਗੇ।