ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਵਾਪਸ ਲੈਣ ਮਗਰੋਂ ਅੱਜ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਸ਼ੁਰੂ ਹੋ ਗਈ। ਕਿਸਾਨ ਜਥੇਬੰਦੀਆਂ ਵੱਲੋਂ ਇੱਕ ਤੋਂ 10 ਜੂਨ ਤੱਕ ਸ਼ੁਰੂ ਕੀਤਾ ਸੰਘਰਸ਼ ਵਧਦੇ ਟਕਰਾਅ ਕਰਕੇ 6 ਜੂਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਂਝ ਦੇਸ਼ ਦੇ ਬਾਕੀ ਸੂਬਿਆਂ ਵਿੱਚ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ ’ਤੇ ਸੰਘਰਸ਼ ਜਾਰੀ ਰਹੇਗਾ।


 

ਯਾਦ ਰਹੇ ਕਿ ਕਿਸਾਨਾਂ ਦੀ ਮੰਦਹਾਲੀ ਦਾ ਹੱਲ ਕੱਢਣ, ਕਿਸਾਨ ਖ਼ੁਦਕੁਸ਼ੀਆਂ ਦੇ ਵਰਤਾਰੇ ਨੂੰ ਰੋਕਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਵਰਗੇ ਮੁੱਦਿਆਂ ਨੂੰ ਲੈ ਕੇ ਰਾਸ਼ਟਰੀ ਕਿਸਾਨ ਮਹਾਂਸੰਘ ਨੇ ਇੱਕ ਤੋਂ 10 ਜੂਨ ਤਕ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਰੋਕਣ ਦਾ ਫੈਸਲਾ ਕੀਤਾ ਸੀ।

ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਲੱਖੋਵਾਲ, ਰਾਜੇਵਾਲ, ਕਾਦੀਆਂ ਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਆਗੂਆਂ ਦੀ 4 ਜੂਨ ਨੂੰ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਦੇ ਆਗੂਆਂ ਨਾਲ ਲੁਧਿਆਣਾ ਵਿੱਚ ਮੀਟਿੰਗ ਹੋਈ ਸੀ। ਇਸ ਵਿੱਚ ਕਿਸਾਨਾਂ ਦੇ ਦੋਧੀਆਂ ਤੇ ਹੋਰਾਂ ਨਾਲ ਵਧ ਰਹੇ ਟਕਰਾਅ ਦਾ ਜਾਇਜ਼ਾ ਲਿਆ ਗਿਆ ਸੀ।

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਸਾਨ ਆਗੂਆਂ ਨੂੰ ਕਿਹਾ ਸੀ ਕਿ ਉਹ ਦੁੱਧ ਦੀ ਸਪਲਾਈ ਨੂੰ ਦੋ ਦਿਨ ਤੋਂ ਵੱਧ ਰੋਕ ਨਹੀਂ ਸਕਦੇ ਕਿਉਂਕਿ ਉਨ੍ਹਾਂ ਕੋਲ ਦੁੱਧ ਰੱਖਣ ਲਈ ਕੋਈ ਸਾਧਨ ਨਹੀਂ। ਉਨ੍ਹਾਂ ਕਿਹਾ ਸੀ ਕਿ ਕਿਸੇ ਡੇਅਰੀ ਵਾਲੇ ਕੋਲ ਦਸ ਕੁਇੰਟਲ ਦੁੱਧ ਹੈ ਤੇ ਕਿਸੇ ਕੋਲ ਵੀਹ ਕੁਇੰਟਲ, ਉਪਰੋਂ ਗਰਮੀ ਦਾ ਮੌਸਮ ਹੈ। ਜੇਕਰ ਇਸ ਮਸਲੇ ਦਾ ਹੱਲ ਨਾ ਕੱਢਿਆ ਗਿਆ ਤਾਂ ਡੇਅਰੀ ਦਾ ਧੰਦਾ ਕਰਨ ਵਾਲੇ ਕਿਸਾਨਾਂ ਦਾ ਨੁਕਸਾਨ ਹੋਵੇਗਾ।

ਮੀਟਿੰਗ ਦੌਰਾਨ ਸਰਬਸੰਮਤੀ ਨਾਲ ਅੰਦੋਲਨ ਨੂੰ 6 ਜੂਨ ਨੂੰ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ 6 ਜੂਨ ਨੂੰ ਮੱਧ ਪ੍ਰਦੇਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਦੇ ਨਾਲ ਹੀ ਹੜਤਾਲ ਖ਼ਤਮ ਕਰ ਦਿੱਤੀ ਜਾਵੇਗੀ ਤੇ ਸਪਲਾਈ ਖੋਲ੍ਹ ਦਿੱਤੀ ਜਾਵੇਗੀ।