Punjab News: ਹੜ੍ਹਾਂ ਨਾਲ ਤਬਾਹੀ ਦੇ ਹੋਸ਼ ਉਡਾਉਣ ਵਾਲੇ ਅੰਕੜੇ! ਪੰਜਾਬ 'ਚ ਸਵਾ ਛੇ ਲੱਖ ਏਕੜ ਫ਼ਸਲ ਤਬਾਹ
ਪੰਜਾਬ ’ਚ ਹੜ੍ਹਾਂ ਕਾਰਨ ਤਬਾਹੀ ਦੀ ਭਿਆਨਕ ਤਸਵੀਰ ਸਾਹਮਣੇ ਆਈ ਹੈ। ਸੂਬੇ ਵਿੱਚ ਕਰੀਬ ਸਵਾ ਛੇ ਲੱਖ ਏਕੜ ਫ਼ਸਲ ਤਬਾਹ ਹੋਈ ਹੈ। ਇਸ ਦੌਰਾਨ 54 ਲੋਕਾਂ ਦੀ ਜਾਨ ਚਲੀ ਗਈ ਤੇ 27 ਹਜ਼ਾਰ ਪਸ਼ੂ ਮਰ ਗਏ।
Punjab News: ਪੰਜਾਬ ’ਚ ਹੜ੍ਹਾਂ ਕਾਰਨ ਤਬਾਹੀ ਦੀ ਭਿਆਨਕ ਤਸਵੀਰ ਸਾਹਮਣੇ ਆਈ ਹੈ। ਸੂਬੇ ਵਿੱਚ ਕਰੀਬ ਸਵਾ ਛੇ ਲੱਖ ਏਕੜ ਫ਼ਸਲ ਤਬਾਹ ਹੋਈ ਹੈ। ਇਸ ਦੌਰਾਨ 54 ਲੋਕਾਂ ਦੀ ਜਾਨ ਚਲੀ ਗਈ ਤੇ 27 ਹਜ਼ਾਰ ਪਸ਼ੂ ਮਰ ਗਏ। ਇਹ ਖੁਲਾਸਾ ਸਰਕਾਰੀ ਅੰਕੜਿਆਂ ਵਿੱਚ ਹੋਇਆ ਹੈ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਕੇਂਦਰੀ ਅੰਤਰ ਮੰਤਰਾਲਾ ਟੀਮ ਨੂੰ ਰਿਪੋਰਟ ਸੌਂਪੀ ਹੈ।
ਉਧਰ, ਪੰਜਾਬ ਸਰਕਾਰ ਨੇ ਫ਼ਸਲੀ ਨੁਕਸਾਨ ਦੀ ਭਰਪਾਈ ਲਈ 605 ਕਰੋੜ ਰੁਪਏ ਦਾ ਅਨੁਮਾਨ ਲਾਇਆ ਹੈ। ਉਂਝ ਕੇਂਦਰ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦਿੱਤੀ ਜਾਂਦੀ ਹੈ ਤਾਂ ਕਿਸਾਨਾਂ ਨੂੰ ਮੁੱਢਲੇ ਅਨੁਮਾਨਾਂ ਮੁਤਾਬਕ 1210 ਕਰੋੜ ਰੁਪਏ ਮੁਆਵਜ਼ੇ ਵਜੋਂ ਮਿਲਣਗੇ। ਕੇਂਦਰੀ ਨਿਯਮਾਂ ਅਨੁਸਾਰ ਨੁਕਸਾਨੀ ਖੜ੍ਹੀ ਫ਼ਸਲ ਦਾ ਮੁਆਵਜ਼ਾ ਹੀ ਦਿੱਤਾ ਜਾ ਸਕਦਾ ਹੈ ਜਦੋਂਕਿ ਝੋਨੇ ਦੀ ਫ਼ਸਲ ਦੀ ਹਾਲੇ ਲੁਆਈ ਹੀ ਹੋਈ ਸੀ। ਕੇਂਦਰੀ ਨਿਯਮ ਮੁੱਢਲੇ ਪੜਾਅ ਦੇ ਪੌਦਿਆਂ ਨੂੰ ਫ਼ਸਲ ਨਹੀਂ ਮੰਨਦੇ।
ਰਿਪੋਰਟ ਅਨੁਸਾਰ ਸੂਬੇ ਵਿੱਚ ਕੁੱਲ 547 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਜਦਕਿ 2645 ਮਕਾਨ ਅੱਧੇ ਡਿੱਗੇ ਹਨ। ਪੰਜਾਬ ਨੇ ਕੇਂਦਰ ਤੋਂ ਘਰਾਂ ਵਾਸਤੇ ਪ੍ਰਤੀ ਘਰ 2.40 ਲੱਖ ਰੁਪਏ ਦੀ ਮੰਗ ਕੀਤੀ ਹੈ। ਪੰਜਾਬ ਵਿਚ ਹੜ੍ਹਾਂ ਦੌਰਾਨ ਜੋ 54 ਮੌਤਾਂ ਹੋਈਆਂ ਹਨ, ਉਨ੍ਹਾਂ ਦੇ ਵਾਰਸਾਂ ਨੂੰ ਨਿਯਮਾਂ ਅਨੁਸਾਰ 4 ਲੱਖ ਰੁਪਏ ਦੀ ਵਿੱਤੀ ਮਦਦ ਮਿਲਣੀ ਹੈ ਜਦੋਂਕਿ ਨਿਯਮਾਂ ਵਿਚ ਛੋਟ ਮਿਲਣ ’ਤੇ ਅੱਠ ਲੱਖ ਰੁਪਏ ਦੀ ਸਹਾਇਤਾ ਮਿਲੇਗੀ। ਇਸੇ ਤਰ੍ਹਾਂ ਸੂਬੇ ਵਿਚ ਹੜ੍ਹਾਂ ਵਿੱਚ 27,640 ਪਸ਼ੂਆਂ ਦੀ ਮੌਤ ਹੋਈ ਹੈ ਜਿਨ੍ਹਾਂ ਦੇ ਮਾਲਕਾਂ ਨੂੰ ਵੀ ਮੁਆਵਜ਼ਾ ਰਾਸ਼ੀ ਆਫ਼ਤ ਰਾਹਤ ਫ਼ੰਡਾਂ ਵਿੱਚੋਂ ਮਿਲੇਗੀ।
ਹੜ੍ਹਾਂ ਕਾਰਨ ਬੁਨਿਆਦੀ ਢਾਂਚੇ ਦਾ ਵੱਡਾ ਨੁਕਸਾਨ ਹੋਇਆ ਹੈ। ਹੜ੍ਹਾਂ ਕਰਕੇ ਪੰਜਾਬ ਦੇ ਦਰਿਆਵਾਂ/ਚੋਆਂ ਤੇ ਨਹਿਰਾਂ ਵਿਚ ਕੁੱਲ 488 ਪਾੜ ਪਏ ਹਨ। ਇਨ੍ਹਾਂ ਵਿੱਚੋਂ 254 ਪਾੜ ਇਕੱਲੇ ਨਹਿਰਾਂ ਵਿਚ ਪਏ ਹਨ, ਇਨ੍ਹਾਂ ਲਈ 159 ਕਰੋੜ ਦੀ ਲੋੜ ਹੈ। ਪੰਜਾਬ ਵਿਚ ਸੜਕਾਂ ਦੀ ਮੁਰੰਮਤ ਪਹਿਲਾਂ ਹੀ ਕੇਂਦਰ ਵੱਲੋਂ ਦਿਹਾਤੀ ਵਿਕਾਸ ਫ਼ੰਡਾਂ ਨੂੰ ਰੋਕੇ ਜਾਣ ਕਰਕੇ ਲਟਕੀ ਹੋਈ ਹੈ ਪਰ ਹੜ੍ਹਾਂ ਨੇ ਸੜਕਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ। ਇਨ੍ਹਾਂ ਹੜ੍ਹਾਂ ਨਾਲ 2251 ਕਿੱਲੋਮੀਟਰ ਸੜਕਾਂ ਟੁੱਟੀਆਂ ਹਨ ਜਿਨ੍ਹਾਂ ਵਿਚੋਂ 1733 ਕਿੱਲੋਮੀਟਰ ਲਿੰਕ ਸੜਕਾਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।