ਵੱਡੀ ਖਬਰ! ਮਾਈਨਿੰਗ ਵਿਭਾਗ ਐਕਸ਼ਨ ਮੋਡ 'ਚ, ਰੋਪੜ ਤੇ ਮੋਹਾਲੀ ਦੇ ਮਾਈਨਿੰਗ ਅਫ਼ਸਰ ਸਸਪੈਂਡ
Punjab News : ਪੰਜਾਬ ਸਰਕਾਰ ਲਈ ਨਾਜਾਇਜ਼ ਮਾਈਨਿੰਗ ਵੱਡੀ ਸਮੱਸਿਆ ਬਣੀ ਹੋਈ ਹੈ। ਰੋਪੜ ਤੇ ਮੋਹਾਲੀ ਜ਼ਿਲ੍ਹਿਆਂ ਅੰਦਰ ਨਾਜਾਇਜ਼ ਮਾਈਨਿੰਗ ਦੇ ਪਹਿਲਾਂ ਹੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਚੰਡੀਗੜ੍ਹ: ਮਾਈਨਿੰਗ ਵਿਭਾਗ ਦੇ ਪ੍ਰਿੰਸਪਲ ਸਕੱਤਰ ਵਜੋਂ ਅਹੁਦਾ ਸੰਭਾਲਦੇ ਹੀ ਚਰਚਿਤ ਆਈਏਐਸ ਅਫਸਰ ਕ੍ਰਿਸ਼ਨ ਕੁਮਾਰ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਈਨਿੰਗ ਅਫ਼ਸਰ ਰੋਪੜ ਤੇ ਮੋਹਾਲੀ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਲਈ ਨਾਜਾਇਜ਼ ਮਾਈਨਿੰਗ ਵੱਡੀ ਸਮੱਸਿਆ ਬਣੀ ਹੋਈ ਹੈ। ਰੋਪੜ ਤੇ ਮੋਹਾਲੀ ਜ਼ਿਲ੍ਹਿਆਂ ਅੰਦਰ ਨਾਜਾਇਜ਼ ਮਾਈਨਿੰਗ ਦੇ ਪਹਿਲਾਂ ਹੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਸ ਤੋਂ ਪਹਿਲਾਂ ਰੋਪੜ ਜ਼ਿਲ੍ਹੇ ਦੇ ਖਣਨ ਠੇਕੇਦਾਰ ਦਾ ਲਾਇਸੈਂਸ ਮੁਅੱਤਲ ਕਰਨ ਤੋਂ ਬਾਅਦ ਹੁਣ ਜਲ ਨਿਕਾਸ ਤੇ ਮਾਈਨਿੰਗ ਵਿਭਾਗ ਨੇ ਜ਼ਿਲ੍ਹੇ ਦੇ ਸਟੋਨ ਕਰੱਸ਼ਰਾਂ ਤੇ ਖਣਨ ਨਾਲ ਸਬੰਧਤ ਵਾਹਨਾਂ ’ਤੇ ਬਾਜ਼ ਅੱਖ ਰੱਖਣੀ ਸ਼ੁਰੂ ਕਰ ਦਿੱਤੀ ਹੈ।
ਨਵੇਂ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਗੈਰਕਾਨੂੰਨੀ ਖਣਨ ਤੇ ਓਵਰਲੋਡਿੰਗ ਖਿਲਾਫ ਦਿੱਤੇ ਸਖਤੀ ਦੇ ਆਦੇਸ਼ਾਂ ਤੋਂ ਬਾਅਦ ਖਣਨ ਵਿਭਾਗ ਨੇ ਅੱਧੀ ਦਰਜਨ ਸਟੋਨ ਕਰੱਸ਼ਰਾਂ ਦੀ ਰਜਿਸ਼ਟਰੇਸ਼ਨ ਰੱਦ ਕਰਦਿਆਂ ਉਨ੍ਹਾਂ ਨੂੰ ਪੱਕੇ ਤੌਰ ’ਤੇ ਸੀਲ ਕਰ ਦਿੱਤਾ ਹੈ।
ਇੰਜ ਹੀ ਜਲ ਨਿਕਾਸ ਵਿਕਾਸ ਵੱਲੋਂ ਵੀ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿੱਚ ਗੈਰ-ਕਾਨੂੰਨੀ ਖਣਨ ਦੇ ਦੋਸ਼ ਅਧੀਨ ਟਿੱਪਰਾਂ, ਟਰਾਲੀਆਂ, ਜੇਸੀਬੀ ਮਸ਼ੀਨਾਂ ਦੇ ਮਾਲਕਾਂ ਵਿਰੁੱਧ ਕੇਸ ਦਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ।
ਦੱਸ ਦਈਏ ਕਿ ਸੂਬੇ ਵਿੱਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ’ਤੇ ਕਾਰਵਾਈ ਕਰਦਿਆਂ ਵੀਰਵਾਰ ਨੂੰ ਖਣਨ ਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਨੇੜਲੇ ਖੇੜਾ ਕਲਮੋਟ ਖਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਖੇੜਾ ਕਲਮੋਟ ਖੇਤਰ ਵਿੱਚ ਗੈਰਕਾਨੂੰਨੀ ਮਾਈਨਿੰਗ ਤੇ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਦੀਆਂ ਸ਼ਿਕਾਇਤਾਂ ਮਿਲਣ ਉਪਰੰਤ ਮਾਈਨਿੰਗ ਵਿਭਾਗ ਦੀ ਟੀਮ ਨੇ ਜਾਂਚ ਕੀਤੀ ਹੈ ਜਿਸ ਤੋਂ ਬਾਅਦ ਖੇੜਾ ਕਲਮੋਟ ਪੱਟੀ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦਾ ਹੁਕਮ ਦਿੱਤਾ ਗਿਆ ਹੈ।