Punjab News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ  ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਵਿਰੋਧੀਆਂ 'ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਜਿਹੜੇ ਵਿਰੋਧੀ ਪਹਿਲਾਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਰਦੇ ਸਨ, ਉਹ ਅੱਜ ਆਮ ਆਦਮੀ ਪਾਰਟੀ (AAP) ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ।

ਪਰ ਇਸ ਦੌਰਾਨ ਇੱਕ ਹਾਸੋਹੀਣੀ ਘਟਨਾ ਵੀ ਵਾਪਰੀ। ਦਰਅਸਲ, ਹਰਪਾਲ ਚੀਮਾ ਵੱਲੋਂ ਬਿਕਰਮ ਮਜੀਠੀਆ ਡਰੱਗ ਮਾਮਲੇ ਸਬੰਧੀ ਸਵੇਰੇ 11 ਵਜੇ ਇੱਕ ਪ੍ਰੈਸ ਕਾਨਫਰੰਸ ਬੁਲਾਈ ਗਈ ਸੀ। ਮੀਡੀਆ ਨੂੰ ਇਸ ਪ੍ਰੈਸ ਕਾਨਫਰੰਸ ਦਾ ਸਥਾਨ ਆਮ ਆਦਮੀ ਪਾਰਟੀ ਦੇ ਦਫਤਰ ਦੱਸਿਆ ਗਿਆ ਸੀ। ਜਦੋਂ ਸਾਰਾ ਮੀਡੀਆ ਮੰਤਰੀ ਚੀਮਾ ਦੀ ਉਡੀਕ ਕਰ ਰਿਹਾ ਸੀ, ਤਾਂ ਉਹ ਪੰਜਾਬ ਭਵਨ ਪਹੁੰਚੇ। ਜਦੋਂ ਉਨ੍ਹਾਂ ਨੂੰ ਉੱਥੇ ਕੋਈ ਨਹੀਂ ਮਿਲਿਆ, ਤਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮੀਡੀਆ ਟੀਮ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਪ੍ਰੈਸ ਮੀਟਿੰਗ ਦਾ ਸਥਾਨ ਪਾਰਟੀ ਦਫਤਰ ਸੀ ਜਿਸ ਤੋਂ ਬਾਅਦ ਮੰਤਰੀ ਚੀਮਾ ਥੋੜ੍ਹੀ ਦੇਰ ਵਿੱਚ ਪਾਰਟੀ ਦਫਤਰ ਪਹੁੰਚ ਗਏ ਅਤੇ ਉਨ੍ਹਾਂ ਨੇ ਖੁਦ ਮੀਡੀਆ ਦੇ ਸਾਹਮਣੇ ਇਸ ਘਟਨਾ ਦਾ ਜ਼ਿਕਰ ਕੀਤਾ। 

ਪ੍ਰੈਸ ਕਾਨਫਰੰਸ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਵਿਰੋਧੀਆਂ 'ਤੇ ਵਰ੍ਹਦਿਆਂ ਉਨ੍ਹਾਂ ਦੇ ਬਿਆਨਾਂ ਦਾ ਵਿਰੋਧ ਕੀਤਾ। ਉਨ੍ਹਾਂ ਨੇ ਸਾਰੇ ਆਗੂਆਂ ਦੀ ਆਡੀਓ-ਵੀਡੀਓ ਵੀ ਚਲਾਈ, ਜਿਸ ਵਿੱਚ ਉਨ੍ਹਾਂ ਸਾਰਿਆਂ ਨੇ ਬਿਕਰਮ ਮਜੀਠੀਆ ਵਿਰੁੱਧ ਕਾਰਵਾਈ ਕਰਨ ਦੀ ਗੱਲ ਕੀਤੀ ਸੀ।

ਹਰਪਾਲ ਚੀਮਾ ਨੇ ਦੋਸ਼ ਲਗਾਇਆ ਕਿ 2007 ਤੋਂ 2017 ਦੌਰਾਨ ਪੰਜਾਬ ਵਿੱਚ ਨਸ਼ੇ ਆਏ। ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੀ ਗੱਠਜੋੜ ਸਰਕਾਰ ਸੀ। ਦੋਵਾਂ ਪਾਰਟੀਆਂ ਨੇ ਪੂਰੇ 10 ਸਾਲ ਪੰਜਾਬ ਉੱਤੇ ਰਾਜ ਕੀਤਾ। ਜਦੋਂ ਵੀ ਪੰਜਾਬ ਦਾ ਇਤਿਹਾਸ ਲਿਖਿਆ ਜਾਵੇਗਾ, ਇਸ ਘਟਨਾ ਦਾ ਜ਼ਿਕਰ ਇਨ੍ਹਾਂ ਸਾਲਾਂ ਵਿੱਚ ਜ਼ਰੂਰ ਕੀਤਾ ਜਾਵੇਗਾ।

ਵਿਰੋਧੀਆਂ 'ਤੇ ਤੰਜ਼ ਕੱਸਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਇਨ੍ਹਾਂ ਆਗੂਆਂ ਕਾਰਨ ਹੀ ਲੋਕਾਂ ਦਾ ਰਾਜਨੀਤੀ ਤੋਂ ਵਿਸ਼ਵਾਸ ਉੱਠ ਰਿਹਾ ਹੈ। ਅੱਜ ਆਮ ਲੋਕ ਸਿਆਸਤਦਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹਨ। ਇਨ੍ਹਾਂ ਆਗੂਆਂ ਨੂੰ ਇੱਕ ਵਾਰ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਰੇ ਸੋਚਣਾ ਚਾਹੀਦਾ ਹੈ।