ਰਾਜਪੁਰਾ: ਪੰਜਾਬ ਦੀਆਂ ਅਨਾਜ ਮੰਡੀਆਂ 'ਚ ਅੱਜ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ, ਇਸ ਦੇ ਲਈ ਪੰਜਾਬ ਦੇ ਖੁਰਾਕ ਮੰਤਰੀ ਲਾਲਚੰਦ ਅੱਜ ਰਾਜਪੁਰਾ ਪਹੁੰਚੇ, ਜਿੱਥੋਂ ਉਨ੍ਹਾਂ ਨੇ ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਸਮੇਂ ਲਾਲਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਝੋਨੇ ਦੀ ਖ਼ਰੀਦ ਲਈ ਸਾਡੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਪੰਜਾਬ ਦੇ ਕਿਸਾਨਾਂ ਦਾ ਇੱਕ-ਇੱਕ ਦਾਣਾ ਪੰਜਾਬ ਦੀਆਂ ਮੰਡੀਆਂ 'ਚੋਂ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕੋਈ ਖੱਜਲ-ਖੁਆਰੀ ਨਹੀਂ ਹੋਵੇਗੀ |
ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਦਾਣੇ ਦੀ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲਿਫਟਿੰਗ ਦਾ ਪ੍ਰਬੰਧ ਪੂਰੀ ਤਰ੍ਹਾਂ ਠੀਕ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਿਰਫ਼ ਸੁੱਕਾ ਝੋਨਾ ਹੀ ਅਨਾਜ ਮੰਡੀ ਵਿੱਚ ਲੈ ਕੇ ਆਉਣ। ਇਸ ਦੇ ਨਾਲ ਹੀ ਲਾਲਚੰਦ ਨੇ ਕਿਹਾ ਕਿ ਝੋਨੇ ਦੀ ਨਮੀ ਦੀ ਮਾਤਰਾ 17 ਫੀਸਦੀ ਰੱਖੀ ਗਈ ਹੈ, ਪਰ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਕਾਰਨ ਆਉਣ ਵਾਲੇ ਦਿਨਾਂ 'ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ ਇਸ 'ਚ ਦੋ ਫੀਸਦੀ ਵਾਧਾ ਕੀਤਾ ਜਾਵੇ ਅਤੇ ਨਮੀ ਨੂੰ 19 ਪ੍ਰਤੀਸ਼ਤ ਤੱਕ ਵਧਾਇਆ ਜਾਵੇ।
ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਸ ਦੇ ਲਈ ਅਨਾਜ ਮੰਡੀਆਂ ਵਿੱਚ ਇੱਕ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ ਜੋ ਇਨ੍ਹਾਂ ਸਮੱਸਿਆਵਾਂ ਦਾ ਧਿਆਨ ਰੱਖੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਕੋਈ ਮੁਸ਼ਕਲ ਹੱਲ ਨਹੀਂ ਹੁੰਦੀ ਤਾਂ ਇਸ ਬਾਰੇ ਵਿਧਾਇਕ ਅਤੇ ਮੰਤਰੀ ਨੂੰ ਵੀ ਬੇਝਿਜਕ ਹੋ ਕੇ ਦੱਸ ਸਕਦੇ ਹੋ।
ਮੰਤਰੀ ਲਾਲਚੰਦ ਨੇ ਕਿਹਾ ਕਿ ਪੰਜਾਬ ਵਿੱਚ ਜੋ ਨੀਤੀ ਬਣਾਈ ਗਈ ਹੈ, ਉਸ ਤਹਿਤ ਇੱਕ ਦਾਣਾ ਵੀ ਬਾਹਰੋਂ ਪੰਜਾਬ ਵਿੱਚ ਨਹੀਂ ਆ ਸਕਦਾ, ਸਾਡੀ ਪੁਲਿਸ ਵੀ ਹਰ ਬਾਰਡਰ 'ਤੇ ਤਾਇਨਾਤ ਕਰ ਦਿੱਤੀ ਗਈ ਹੈ, ਉਹ ਵੀ ਬਾਰਡਰ ਤੋਂ ਇੱਕ ਦਾਣਾ ਵੀ ਪੰਜਾਬ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ।
ਇਸ ਦੇ ਨਾਲ ਪਰਾਲੀ ਦੀ ਸਮੱਸਿਆ ਬਾਬਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਲਈ ਵੀ ਵਧੀਆ ਪ੍ਰਬੰਧ ਕੀਤੇ ਹਨ, ਸਰਕਾਰ ਨੇ ਕਿਸਾਨਾਂ ਨੂੰ ਬਹੁਤ ਸਾਰੀਆਂ ਮਸ਼ੀਨਾਂ ਦਿੱਤੀਆਂ ਹਨ, ਇਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪਰਾਲੀ ਨਾ ਸਾੜਣ।