Punjab News: ਪਰਵਾਸੀ ਭਾਰਤੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਰਹੀ ਹੈ। ਇਸ ਮੁਸੀਬਤ ਕੰਟਰੈਕਟ ਵਿਆਹ ਹੈ। ਇਸ ਨਾਲ ਝਗੜੇ ਕਾਫੀ ਵਧ ਰਹੇ ਹਨ। ਅਜਿਹੇ ਕੇਸਾਂ ਵਿੱਚ ਆਇਲਜ਼ ਪਾਸ ਕੁੜੀ ਨਾਲ ਕੰਟਰੈਕਟ ਵਿਆਹ ਕਰਕੇ ਮੁੰਡੇ ਵਾਲੇ ਉਸ ਨੂੰ ਬਾਹਰ ਤਾਂ ਭੇਜ ਦਿੰਦੇ ਹਨ ਪਰ ਬਾਅਦ ਵਿੱਚ ਆਪਸੀ ਝਗੜੇ ਵਧ ਜਾਂਦੇ ਹਨ। ਕੁੜੀ, ਮੁੰਡੇ ਨੂੰ ਬਾਹਰ ਲਿਜਾਣ ਤੋਂ ਮੁਕਰ ਜਾਂਦੀ ਹੈ। ਇਹ ਮੁੱਦਾ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਦੌਰਾਨ ਉੱਭਰ ਕੇ ਸਾਹਮਣੇ ਆਇਆ।

ਦੱਸ ਦਈਏ ਕਿ ਸੌਮਵਾਰ ਨੂੰ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਮਿਟੀ ਯੂਨੀਵਰਸਿਟੀ ਵਿੱਚ ਕਰਵਾਏ ਗਏ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਮੌਕੇ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਸਮਾਗਮ ਵਿੱਚ ਮੁਹਾਲੀ ਸਮੇਤ ਰੂਪਨਗਰ, ਫਤਹਿਗੜ੍ਹ ਸਾਹਿਬ ਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਨੇ ਸ਼ਿਰਕਤ ਕੀਤੀ ਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਸਰਕਾਰ ਇਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਐਨਆਰਆਈਜ਼ ਦੇ ਮੁੱਖ ਮਸਲੇ ਉਨ੍ਹਾਂ ਦੀਆਂ ਜ਼ਮੀਨ-ਜਾਇਦਾਦਾਂ, ਕਾਰੋਬਾਰ ਅਤੇ ਪਰਿਵਾਰਕ ਝਗੜੇ ਹਨ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਇੱਥੇ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਸ਼ਿਕਾਇਤਾਂ ਸਰਕਾਰ ਕੋਲ ਪੇਸ਼ ਕਰ ਸਕਦੇ ਹਨ, ਜਿਨ੍ਹਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇਗਾ।

ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਐਨਆਰਆਈਜ਼ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਛੇਤੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੰਜਾਬ ਤੋਂ ਕੈਨੇਡਾ ਉਡਾਣਾਂ ਸ਼ੁਰੂ ਕਰਨ ਤੇ ਈ-ਵੀਜ਼ਾ ਦੀ ਸਹੂਲਤ ਵਿੱਚ ਪਰਵਾਸੀ ਪੰਜਾਬੀਆਂ ਦੀਆਂ ਪ੍ਰੇਸ਼ਾਨੀਆਂ ਸਬੰਧੀ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਇਹ ਦੋਵੇਂ ਮਸਲੇ ਕੇਂਦਰ ਸਰਕਾਰ ਕੋਲ ਚੁੱਕਣਗੇ।

ਧਾਲੀਵਾਲ ਨੇ ਕਿਹਾ, ‘‘ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕਰਨ ਲਈ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ। ਐਨਆਰਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਹਰ ਸਾਲ ਦਸੰਬਰ ਤੇ ਅਪਰੈਲ ਮਹੀਨੇ ਵਿੱਚ ਦੋ ਵਾਰ ਐਨਆਰਆਈ ਮਿਲਣੀਆਂ ਕੀਤੀਆਂ ਜਾਣਗੀਆਂ।’’


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।