ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ ਮਾਮਲੇ 'ਚ ਗਵਾਹੀ ਦੇਣਾ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਮਹਿੰਗਾ ਪੈ ਗਿਆ ਹੈ। ਅਮਰਪਾਲ ਸਿੰਘ ਬੋਨੀ ਤੇ ਉਸ ਦੇ ਪਰਿਵਾਰ ਨੂੰ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਮਿਲੀਆਂ ਹਨ। ਫਿਲਹਾਲ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਬਾਰੇ ਇੰਸਪੈਕਟਰ ਜਸਪਾਲ ਸਿੰਘ ਨੇ ਕਿਹਾ ਹੈ ਕਿ ਸਾਈਬਰ ਬ੍ਰਾਂਚ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਕਿੱਥੋਂ ਤੇ ਕਿਸ ਨੇ ਕੀਤਾ ਹੈ। ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੂੰ ਅਮਰਪਾਲ ਸਿੰਘ ਬੋਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਦੁਪਹਿਰ ਨੂੰ ਆਪਣੇ ਰਣਜੀਤ ਐਵੀਨਿਊ ਵਾਲੇ ਘਰ ਵਿੱਚ ਆਰਾਮ ਕਰ ਰਿਹਾ ਸੀ।
ਇਸ ਦੌਰਾਨ ਉਨ੍ਹਾਂ ਨੂੰ ਇਕ ਅੰਤਰਰਾਸ਼ਟਰੀ ਮੋਬਾਈਲ ਨੰਬਰ ਤੋਂ ਮੋਬਾਈਲ 'ਤੇ ਕਾਲ ਆਈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ 'ਗੱਬਰ' ਵਜੋਂ ਦੱਸੀ ਤੇ ਅਮਰਪਾਲ ਸਿੰਘ ਬੋਨੀ ਨੂੰ ਬਿਕਰਮ ਮਜੀਠੀਆ ਵਿਰੁੱਧ ਗਵਾਹੀ ਦੇ ਕੇ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ।
ਦੱਸ ਦੇਈਏ ਕਿ ਅਮਰਪਾਲ ਸਿੰਘ ਬੋਨੀ ਨੇ ਕੁਝ ਦਿਨ ਪਹਿਲਾਂ ਡਰੱਗ ਮਾਮਲੇ 'ਚ SIT ਸਾਹਮਣੇ ਬਿਕਰਮ ਮਜੀਠੀਆ ਖਿਲਾਫ ਗਵਾਹੀ ਦਿੱਤੀ ਸੀ। ਹਾਲਾਂਕਿ ਇਸ ਤੋਂ ਪਹਿਲਾਂ ਏਡੀਜੀਪੀ (ਸੁਰੱਖਿਆ) ਦੇ ਹੁਕਮਾਂ 'ਤੇ ਉਨ੍ਹਾਂ ਦੀ ਸੁਰੱਖਿਆ ਲਈ ਚਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਪਰ ਅਣਪਛਾਤੇ ਵਿਅਕਤੀ ਵੱਲੋਂ ਦਿੱਤੀ ਧਮਕੀ ਤੋਂ ਬਾਅਦ ਉਸ ਦੀ ਸੁਰੱਖਿਆ ਲਈ ਚਾਰ ਹੋਰ (ਕੁੱਲ ਅੱਠ) ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।
24 ਫਰਵਰੀ ਤੋਂ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ
ਬਿਕਰਮ ਮਜੀਠੀਆ 'ਤੇ ਪਿਛਲੀ ਕਾਂਗਰਸ ਸਰਕਾਰ ਨੇ ਡਰੱਗ ਦਾ ਕੇਸ ਦਰਜ ਕੀਤਾ ਸੀ। ਉਸ ਨੂੰ ਪੰਜਾਬ ਵਿੱਚ 6 ਹਜ਼ਾਰ ਕਰੋੜ ਦੇ ਡਰੱਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਹੈ। ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਮਜੀਠੀਆ ਖਿਲਾਫ ਇਹ ਕੇਸ ਕੀਤਾ ਸੀ। ਇਸ ਤੋਂ ਬਾਅਦ ਮਜੀਠੀਆ ਨੂੰ ਅਗਾਊਂ ਜ਼ਮਾਨਤ ਨਹੀਂ ਮਿਲੀ। ਹਾਲਾਂਕਿ, ਸੁਪਰੀਮ ਕੋਰਟ ਨੇ ਚੋਣ ਲੜਨ ਤੱਕ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। 20 ਫਰਵਰੀ ਨੂੰ ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਮਜੀਠੀਆ ਚੋਣ ਹਾਰੇ , ਪਤਨੀ ਬਣੀ MLA