Punjab News: ਹਲਕਾ ਭਦੌੜ ਤੋਂ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਅੱਜ ਹਲਕੇ ਦੀਆਂ ਮੰਡੀਆਂ ਦਾ ਅਚਨਚੇਤ ਦੌਰਾ ਕਰਨ ਪੁੱਜੇ | ਇਸ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਸਬੰਧੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਮੰਡੀ 'ਚ ਮੌਜੂਦ ਕਿਸਾਨਾਂ ਨਾਲ ਖ਼ਾਸ ਤੌਰ 'ਤੇ ਗੱਲਬਾਤ ਕੀਤੀ | 


ਵਿਧਾਇਕ ਲਾਭ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਕਿਸਾਨ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਸਮਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਅਦਾਇਗੀ ਅਤੇ ਲਿਫਟਿੰਗ ਦੇ ਨਾਲ-ਨਾਲ ਨਿਰਵਿਘਨ ਖਰੀਦ ਕੀਤੀ ਜਾ ਰਹੀਂ ਹੈ।


ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।


ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਾਲਿਸੀ ਦੇ ਅਨੁਸਾਰ ਕਿਸਾਨਾਂ ਦਾ ਕੱਲਾ-ਕੱਲਾ ਦਾਣਾ ਮੰਡੀਆਂ ਵਿੱਚੋਂ ਖਰੀਦਿਆਂ ਜਾਵੇਗਾ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਝੋਨੇ ਦੀ ਵੱਖ-ਵੱਖ ਖਰੀਦ ਏਜੰਸੀਆਂ ਵਿੱਚ ਝੋਨੇ ਦੀ ਖਰੀਦ ਸਮਾਨਤਾ ਵਿੱਚ ਕੀਤੀ ਜਾਵੇ।


ਝੋਨੇ ਦੀ ਖ਼ਰੀਦ 'ਚ ਊਣਤਾਈ 'ਤੇ ਖ਼ਰੀਦ ਏਜੰਸੀ ਦੇ ਅਮਲੇ ਤੇ ਆੜ੍ਹਤੀ ਖ਼ਿਲਾਫ਼ ਐਕਸ਼ਨ


ਖ਼ੁਰਾਕ ਤੇ ਸਿਵਲ ਸਪਲਾਈਜ਼ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਰਾਜਪੁਰਾ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਖ਼ਰੀਦ 'ਚ ਊਣਤਾਈ ਸਾਹਮਣੇ ਆਉਣ 'ਤੇ ਖ਼ਰੀਦ ਏਜੰਸੀ ਦੇ ਸਬੰਧਤ ਅਮਲੇ ਤੇ ਆੜ੍ਹਤੀ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਮੰਗਲਵਾਰ ਨੂੰ ਰਾਹੁਲ ਭੰਡਾਰੀ ਵੱਲੋਂ ਰਾਜ ਦੀਆਂ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਰਾਜਪੁਰਾ ਪੁੱਜੇ ਸਨ।


ਰਾਹੁਲ ਭੰਡਾਰੀ ਨੇ ਦੱਸਿਆ ਕਿ ਰਾਜਪੁਰਾ ਦੀ ਮੰਡੀ 'ਚ ਵੱਧ ਨਮੀ ਵਾਲੀ ਤੇ ਬਿਨ੍ਹਾਂ ਸਾਫ਼-ਸਫ਼ਾਈ ਤੋਂ ਜੀਰੀ ਦੀ ਭਰਤੀ ਬੋਰੀਆਂ 'ਚ ਕੀਤੇ ਜਾਣ ਦੀ ਕੁਤਾਹੀ ਸਾਹਮਣੇ ਆਉਣ 'ਤੇ ਜ਼ਿੰਮੇਵਾਰ ਸਬੰਧਿਤ ਅਮਲੇ ਤੇ ਆੜ੍ਹਤੀਏ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।