Punjab News: ਭੇਦਭਰੇ ਹਾਲਾਤਾਂ ‘ਚ ਗਊਆਂ ਦੀ ਹੋਈ ਮੌਤ 'ਤੇ ਵਿਧਾਇਕ ਸ਼ੈਰੀ ਕਲਸੀ ਨੇ ਪ੍ਰਗਟਾਇਆ ਦੁੱਖ, ਹਿੰਦੂ ਸੰਗਠਨਾਂ ਨੇ ਦਿੱਤੀ ਇਹ ਚੇਤਾਵਨੀ
Batala News: ਵਿਧਾਇਕ ਸ਼ੈਰੀ ਕਲਸੀ ਨੇ ਭੇਦਭਰੇ ਹਾਲਾਂਤਾਂ ‘ਚ ਗਊਆਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Batala News: ਬੀਤੀ ਰਾਤ ਬਟਾਲਾ ਤੋਂ ਹੈਰਾਨ ਅਤੇ ਬਹੁਤ ਹੀ ਦੁਖਦਾਇਕ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਸਥਿਤ ਗਊਸ਼ਾਲਾ ’ਚ ਅਚਾਨਕ 21 ਗਊਆਂ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਹਿੰਦੂ ਸੰਗਠਨਾਂ ਦੇ ਆਗੂ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਪੁਲਿਸ ਅਧਿਕਾਰੀ ਗਊਸ਼ਾਲਾ ’ਚ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਸਬੰਧੀ ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਊਸ਼ਾਲਾ ’ਚ 21 ਗਊਆਂ ਦੀ ਅਚਾਨਕ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮਰੀਆਂ ਗਾਵਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਗਾਵਾਂ ਦੇ ਚਾਰੇ ’ਚ ਕੋਈ ਜ਼ਹਿਰੀਲਾ ਪਦਾਰਥ ਹੋ ਸਕਦਾ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਬੀਤੀ ਦੇਰ ਰਾਤ ਨੂੰ ਜਦੋਂ ਹੀ ਇਹ ਘਟਨਾ ਵਾਪਰੀ ਤਾਂ ਉਸੇ ਸਮੇਂ ਹਲਕਾ ਵਿਧਾਇਕ ਸ਼ੈਰੀ ਕਲਸੀ ਮੌਕੇ ‘ਤੇ ਪਹੁੰਚੇ ਅਤੇ ਉਨਾਂ ਨੇ ਹਲਾਤਾਂ ਦਾ ਜ਼ਾਇਜਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਗਊਆਂ ਦੀ ਹੋਈ ਭੇਦਭਰੀ ਮੌਤ ਤੇ ਉਨਾਂ ਨੂੰ ਬਹੁਤ ਦੁੱਖ ਹੈ। ਉਨਾਂ ਕਿਹਾ ਕਿ ਗਊ ਮਾਤਾ ਸਾਰਿਆਂ ਲਈ ਪੂਜ਼ਨੀਅ ਹੈ, ਇਹ ਘਟਨਾ ਬਹੁਤ ਹੀ ਚਿੰਤਾਜਨਕ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨਾਂ ਵਲੋਂ ਪੁਲਸ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਇਸ ਪਿੱਛੇ ਕੋਈ ਵੀ ਸਾਜਿਸ਼ ਨਜ਼ਰ ਆਈ ਜਾਂ ਫਿਰ ਘਟਨਾ ਲਈ ਕੋਈ ਵਿਅਕਤੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਿਧਾਇਕ ਨੇ ਅੱਗੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁੱਖਦਾਈ ਹੈ ਜਿਸ ਨੇ ਹਰ ਕਿਸੇ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਗਊਸ਼ਾਲਾ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਨਾਂ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।