ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਦੇ ਹਰ ਸੰਭਵ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਜ਼ਦੂਰ ਭਲਾਈ ਸਕੀਮਾਂ ਨੂੰ ਹਰੇਕ ਮਜ਼ਦੂਰ ਤੱਕ ਪਹੁੰਚਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਜ਼ਦੂਰਾਂ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਲੈ ਕੇ ਉਹ ਆਪਣਾ ਅਤੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੇ ਹਨ। 


ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਸਬੰਧੀ ਯੋਜਨਾ ਬਣਾਈ ਜਾਵੇ ਅਤੇ ਉਸਾਰੀ ਕਿਰਤੀਆਂ ਨੂੰ ਰਜਿਸਟਰ ਕਰਨ ਅਤੇ ਵੱਖ-ਵੱਖ ਸਕੀਮਾਂ ਸਬੰਧੀ ਜਾਣੂ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾਣ।


ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਭਲਾਈ ਸਕੀਮਾਂ ਦੇ ਫਾਰਮ ਭਰਨ ਸਮੇਂ ਉਨ੍ਹਾਂ ਨੂੰ ਏਜੰਟਾਂ ਨੂੰ ਲੁੱਟ ਤੋਂ ਬਚਾਇਆ ਜਾਵੇ ਅਤੇ ਏਜੰਟਾਂ ਨੂੰ ਠੱਲ੍ਹ ਪਾਈ ਜਾਵੇ। ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਤੇ ਲੇਬਰ ਵੈਲਫੇਅਰ ਬੋਰਡ ਪੰਜਾਬ ਵਿੱਚ ਵੱਖ-ਵੱਖ ਸਕੀਮਾਂ ਅਧੀਨ ਲੰਬਿਤ ਅਰਜ਼ੀਆਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ। 


ਕੈਬਨਿਟ ਮੰਤਰੀ ਨੇ ਕਿਹਾ ਕਿ ਵੈਲਫੇਅਰ ਬੋਰਡ ਵੱਲੋਂ ਸਮਾਰਟ ਗਵਰਨੈਂਸ ਵੱਲ ਕਦਮ ਚੁੱਕਦੇ ਹੋਏ “Punjab Usari Kirti Sewawan”  ਜਾਂ “PRUKS” ਨਾਮੀ ਨਵੀਂ ਮੋਬਾਈਲ ਐਪ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਰਾਹੀਂ ਉਸਾਰੀ ਕਿਰਤੀ ਬੋਰਡ ਵਿਚ ਰਜਿਸਟਰ ਕਰ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਸੁਖਾਲੇ ਤੇ ਸਹਿਜ ਢੰਗ ਨਾਲ ਲਾਭ ਪ੍ਰਾਪਤ ਕਰ ਸਕਣਗੇ।


ਉਨ੍ਹਾਂ ਕਿਹਾ ਕਿ ਕਿਰਤੀਆਂ ਦੀ ਸੌਖ ਲਈ ਐਪ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਜਾਰੀ ਕੀਤੀ ਜਾਵੇਗੀ ਜਿਸ ਨੂੰ Google Play/App Store ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।