ਅੰਮ੍ਰਿਤਸਰ: ਜੇ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਕੁੜੀਆਂ ਮੁੰਡਿਆਂ ਨੇ ਪਰਕਰਮਾਂ ਵਿੱਚ ਟਿਕਟੌਕ ਬਣਾਉਣਾ ਬੰਦ ਨਹੀਂ ਕੀਤਾ ਤਾਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਲਦੀ ਹੀ ਮੋਬਾਈਲ ‘ਤੇ ਪਾਬੰਦੀ ਲਾਈ ਜਾ ਸਕਦੀ ਹੈ। ਇਹ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇ ਜਵਾਨ ਕੁੜੀਆਂ ਮੁੰਡਿਆਂ ਨੇ ਗੁਰਦੁਆਰਾ ਸਾਹਿਬ ਅੰਦਰ ਟਿਕਟੌਕ ਪਾਉਣਾ ਬੰਦ ਨਾ ਕੀਤਾ ਤਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੋਬਾਈਲ 'ਤੇ ਪਾਬੰਦੀ ਲਾਉਣ ਲਈ ਮਜਬੂਰ ਹੋਣਾ ਪਵੇਗਾ।
ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕੇਸ ਬਾਰੇ ਬੋਲਦੇ ਜਥੇਦਾਰ ਨੇ ਕਿਹਾ, "ਉਨ੍ਹਾਂ ਨੂੰ ਕਿਸੇ ਕਿਸਮ ਦੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਉਹ ਇੱਕ ਜ਼ਿੰਮੇਵਾਰ ਵਿਅਕਤੀ ਹੈ, ਜੇਕਰ ਕੋਈ ਮਸਲੇ ਹਨ ਤਾਂ ਉਨ੍ਹਾਂ ਨੂੰ ਇਕੱਠੇ ਹੋ ਕੇ ਸੁਲਝਾਉਣੇ ਚਾਹੀਦੇ ਹਨ।
ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਹਰਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਗੁਰਬਾਣੀ ਦਾ ਅਦਬ ਕਰਨਾ ਸਿਖਾਇਆ ਹੈ ਤੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਮੁਤਾਬਕ ਗੁਰਬਾਣੀ ਦਾ ਅਦਬ ਸਤਿਕਾਰ ਕਰਨਾ ਚਾਹੀਦਾ ਹੈ।