ਬਠਿੰਡਾ: ਮਾਲਵਾ ਬੱਸ ਆਪ੍ਰੇਟਰ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਨਵੰਬਰ ਨੂੰ ਇੱਥੇ ਹੋ ਰਹੀ ਰੈਲੀ ਲਈ ਬੱਸਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਸਰਕਾਰ ਲਈ ਮੁਸ਼ਕਲਾਂ ਵਧ ਗਈਆਂ ਹਨ।
ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਨੂੰ ਬਠਿੰਡਾ ਵਿੱਚ ਏਮਜ਼ ਹਸਪਤਾਲ ਦਾ ਨੀਂਹ ਪੱਥਰ ਰੱਖਣ ਆ ਰਹੇ ਹਨ। ਇਸ ਮੌਕੇ ਲੋਕਾਂ ਨੂੰ ਇਕੱਠਾ ਕਰਨ ਲਈ ਮਾਲਵਾ ਦੇ ਚਾਰ ਜ਼ਿਲ੍ਹਿਆਂ ਬਠਿੰਡਾ, ਮੁਕਤਸਰ, ਮਾਨਸਾ ਤੇ ਫਰੀਦਕੋਟ ਵਿੱਚ ਸਰਕਾਰ ਨੇ ਟਰਾਂਸਪੋਰਟ ਮਹਿਕਮੇ ਨੂੰ 2300 ਬੱਸਾਂ ਦਾ ਪ੍ਰਬੰਧ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ 2000 ਛੋਟੇ ਵਾਹਨਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਮਾਲਵਾ ਬੱਸ ਆਪ੍ਰੇਟਰ ਐਸੋਸੀਏਸ਼ਨ ਨੇ ਬੱਸਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਬਲਤੇਜ ਸਿੰਘ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਵੀ ਲਾਗੂ ਨਹੀਂ ਕੀਤੀਆਂ। ਇਸ ਲਈ ਬੱਸਾਂ ਨਾ ਦੇਣ ਦਾ ਫੈਸਲਾ ਕੀਤਾ ਹੈ। ਪ੍ਰਬੰਧਕਾਂ ਨੇ ਇੱਥੇ 70 ਹਜ਼ਾਰ ਬੰਦਿਆਂ ਦੇ ਇਕੱਠ ਦਾ ਪ੍ਰਬੰਧ ਕੀਤਾ ਹੈ।