ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਮੁੜ ਹਮਲਾ ਬੋਲਿਆ। ਉਨ੍ਹਾਂ ਮੋਦੀ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਤੇ ਪੰਜਾਬ 'ਚ ਆੜ੍ਹਤੀਆਂ ਤੇ ਇਨਕਮ ਟੈਕਸ ਦੀ ਛਾਪੇਮਾਰੀ ਕਰਵਾ ਰਹੀ ਹੈ। ਕੈਪਟਨ ਨੇ ਇਲਜ਼ਾਮ ਲਾਇਆ ਕਿ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਆੜ੍ਹਤੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਦਿੱਲੀ ਦੀਆਂ ਸਰਹੱਦਾਂ ਤੇ ਵਿਰੋਧ ਪ੍ਰਦਰਸ਼ਨ ਪਿਛਲੇ 25 ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਵਿਚਾਲੇ ਇਨਕਮ ਟੈਕਸ ਵਿਭਾਗ ਵੱਲੋਂ ਆੜ੍ਹਤੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਹੈ। ਅਮਰਿੰਦਰ ਸਿੰਘ ਨੇ ਕਿਹਾ, ਇਨਕਮ ਟੈਕਸ ਵਿਭਾਗ ਪੰਜਾਬ ਦੇ ਕੁਝ ਆੜ੍ਹਤੀਆਂ 'ਤੇ ਛਾਪੇ ਮਾਰ ਕੇ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਸਪਸ਼ਟ ਹੈ ਕਿ ਇਹ ਰਾਜਨੀਤਕ ਦਬਾਅ ਹੈ। ਇਹ ਕਾਰਵਾਈ ਸੱਤਾਧਾਰੀ ਭਾਜਪਾ ਸੋਚ ਸਮਝ ਕੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੁੱਲ 14 ਆੜ੍ਹਤੀਆਂ ਨੂੰ ਆਈਟੀ ਵਿਭਾਗ ਵੱਲੋਂ ਨੋਟਿਸ ਮਿਲੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ, ਇਹ ਸਪੱਸ਼ਟ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਮਨਾਉਣ, ਗੁੰਮਰਾਹ ਕਰਨ ਤੇ ਵੰਡਣ ਵਿੱਚ ਅਸਫਲ ਰਹੀ ਹੈ। ਇਸ ਲਈ ਕੇਂਦਰ ਸਰਕਾਰ ਹੁਣ ਉਨ੍ਹਾਂ ਆੜ੍ਹਤੀਆਂ ਨੂੰ ਨਿਸ਼ਾਨਾ ਬਣਾ ਕੇ ਕਿਸਾਨੀ ਲਹਿਰ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸਮਰਥਨ ਵਿਚ ਹਨ।