ਚੰਡੀਗੜ੍ਹ: ਕਿਸਾਨਾਂ ਦੇ ਰੋਹ ਅੱਗੇ ਮੋਦੀ ਸਰਕਾਰ ਝੁਕ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨਾਂ ਨੂੰ ਸੰਦੇਸ਼ ਭੇਜਿਆ ਹੈ ਕਿ ਸਰਕਾਰ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਨਾਕਾਬੰਦੀ ਖੋਲ੍ਹਣ ਲਈ ਤਿਆਰ ਹੈ। ਕਿਸਾਨਾਂ ਨੂੰ ਰੈਲੀ ਕਰਨ ਲਈ ਨਵੀਂ ਦਿੱਲੀ ਦਾ ਰਾਮ ਲੀਲ੍ਹਾ ਮੈਦਾਨ ਦੇ ਦਿੱਤਾ ਜਾਵੇਗਾ।


ਹਾਸਲ ਜਾਣਕਾਰੀ ਮੁਤਾਬਕ ਦਿੱਲੀ ਦੇ ਬਾਰਡਰ ਤੋਂ ਕਿਸਾਨ ਦਾਖਲ ਹੋਣ ਲੱਗ ਪਏ ਹਨ। ਇਸ ਤੋਂ ਖਬਰਾ ਕੇ ਸਰਕਾਰ ਨੇ ਉਨ੍ਹਾਂ ਨੂੰ ਪਹਿਲਾਂ ਨਿਰੰਕਾਰੀ ਮੈਦਾਨ, ਜੋ ਦਿੱਲੀ ਹੱਦ ਨੇੜੇ ਪੈਂਦਾ ਹੈ, ਵਿੱਚ ਜਾਣ ਦੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਮੁਤਾਬਕ ਕਿਸਾਨਾਂ ਨੂੰ ਲਾਂਘਾ ਦੇ ਦਿੱਤਾ ਗਿਆ ਹੈ। ਕਿਸਾਨਾਂ ਦੇ ਦਿੱਲੀ ਦੀ ਸਰਹੱਦ ਤੱਕ ਪਹੁੰਚਣ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਕਿ ਦਿੱਲੀ ਸ਼ਹਿਰ ਦੀ ਘੇਰਾਬੰਦੀ ਕਰਕੇ ਆਪਣੇ ਹੀ ਜਾਲ ਵਿੱਚ ਕੇਂਦਰ ਸਰਕਾਰ ਫਸਦੀ ਦਿਖਾਈ ਦੇ ਰਹੀ ਹੈ।

ਕਿਸਾਨ ਲੀਡਰ ਜਗਮੋਹਨ ਸਿੰਘ ਨੇ ਇਸ ਪੇਸ਼ਕਸ਼ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਜਥੇਬੰਦੀਆਂ ਦੇ ਆਗੂ ਕੇਂਦਰ ਦੀ ਇਸ ਪੇਸ਼ਕਸ਼ ਬਾਰੇ ਚਰਚਾ ਕਰਨ ਤੋਂ ਬਾਅਦ ਸਹਿਮਤੀ ਨਾਲ ਹੀ ਕੋਈ ਫੈਸਲਾ ਲੈਣਗੀਆਂ।