ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਤਾਂ ਪੰਜਾਬ ਵੀ ਭੇਜਿਆ ਸੀ। ਉਨ੍ਹਾਂ ਤੋਂ ਇਲਾਵਾ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ, ਕੱਪੜਾ ਮੰਤਰੀ ਸਮ੍ਰਿਤੀ ਇਰਾਨੀ, ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਰਾਜ ਪਸ਼ੂ ਪਾਲਣ ਮੰਤਰੀ ਸੰਜੀਵ ਬਾਲਿਆਨ, ਕੇਂਦਰੀ ਇਸਪਾਤ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਜਿਤੇਂਦਰ ਸਿੰਘ ਵਰਚੁਅਲ ਰੈਲੀਆਂ ਕਰ ਰਹੇ ਹਨ।
ਦਿਲਚਸਪ ਗੱਲ ਹੈ ਕਿ ਇਨ੍ਹਾਂ ਵਰਚੁਅਲ ਬੈਠਕਾਂ ਵਿੱਚ ਕਿਸਾਨ ਸ਼ਾਮਲ ਹੀ ਨਹੀਂ ਹੋ ਰਹੇ ਸਗੋਂ ਜ਼ਿਆਦਾਤਰ ਬੀਜੇਪੀ ਵਰਕਰ ਹੀ ਸ਼ਾਮਲ ਹੋ ਰਹੇ ਹਨ। ਹੋਰ ਤਾਂ ਹੋਰ ਇਨ੍ਹਾਂ ਵਿਰਕਰਾਂ ਵਿੱਚੋਂ ਵੀ ਬਹੁਤਿਆਂ ਨੂੰ ਖੇਤੀਬਾੜੀ ਬਾਰੇ ਜਾਣਕਾਰੀ ਹੀ ਨਹੀਂ। ਮੋਦੀ ਸਰਕਾਰ ਦੇ ਇਸ ਡਬਲ ਸਟੈਂਡ ਤੋਂ ਕਿਸਾਨ ਕਾਫੀ ਔਖੇ ਹਨ। ਕਿਸਾਨ ਲੀਡਰ ਨਰਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਕਿਸਾਨਾਂ ਦਾ ਰੋਹ ਇਨ੍ਹਾਂ ਆਨਲਾਈਨ ਪ੍ਰਬੰਧਾਂ ਨਾਲ ਸ਼ਾਂਤ ਹੋਣ ਵਾਲਾ ਨਹੀਂ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਦਿੱਲੀ ਵਿੱਚ ਉਨ੍ਹਾਂ ਨਾਲ ਕੋਈ ਗੱਲ ਕਰਨ ਵਾਲਾ ਨਹੀਂ ਤੇ ਦੂਜੇ ਪਾਸੇ ਮੰਤਰੀਆਂ ਦੀ ਵਰਚੁਅਲ ਮੀਟਿੰਗਾਂ ’ਤੇ ਡਿਊਟੀ ਲਾ ਕੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਸਮਝਾਉਣ ਦੇ ਨਾਂ ’ਤੇ ਟਕਰਾਅ ਕਰਾ ਕੇ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ।
ਸਰਕਾਰ ਦਾ ਤਰਕ
ਇਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਸਰਕਾਰ ਨਵੇਂ ਖੇਤੀ ਕਾਨੂੰਨਾਂ ਬਾਰੇ ਵਿਚਾਰ-ਚਰਚਾ ਲਈ ਹਮੇਸ਼ਾ ਤਿਆਰ ਹੈ। ਜਾਵੜੇਕਰ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਨਾਲ ਇਨ੍ਹਾਂ ਮੁੱਦਿਆਂ ’ਤੇ ਇੱਕ ਵਾਰ ਬੈਠਕ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਹੋਰ ਗੱਲਬਾਤ ਲੋੜੀਂਦੀ ਹੈ ਤਾਂ ਸਰਕਾਰ ਤਿਆਰ ਹੈ। ਜਾਵੜੇਕਰ ਨੇ ਕਿਹਾ ਕਿ ਤੋਮਰ ਬੁੱਧਵਾਰ ਕਿਸੇ ਹੋਰ ਜ਼ਰੂਰੀ ਕਾਰਜ ਵਿਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਜਦ ਵਿਹਲੇ ਹੋ ਜਾਣਗੇ ਤਾਂ ਸਾਰਿਆਂ ਨੂੰ ਮਿਲਣਗੇ। -