ਫਰੀਦਕੋਟ: ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ 'ਸਿਟ' ਨੇ ਜ਼ਿਲ੍ਹਾ ਮੋਗਾ ਦੇ ਪਿੰਡ ਮਲਕੇ ਤੇ ਬਠਿੰਡਾ ਦੇ ਪਿੰਡ ਗੁਰੂਸਰ ਵਿੱਚ ਬੇਅਦਬੀ ਦੇ ਮਾਮਲੇ ਸਬੰਧੀ ਕ੍ਰਮਵਾਰ ਬਾਘਾਪੁਰਾਣਾ ਤੇ ਫੂਲ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਹਨ। ਪਿੰਡ ਮਲਕੇ ਬੇਅਦਬੀ ਕੇਸ ਸਬੰਧੀ ਸਿਟ ਨੇ ਮੁੱਖ ਮੁਲਜ਼ਮ ਪ੍ਰਿਥੀ ਸਿੰਘ ਸਮੇਤ ਪੰਜਾਂ ਖਿਲਾਫ ਚਲਾਨ ਪੇਸ਼ ਕੀਤਾ ਹੈ। ਇਸੇ ਤਰ੍ਹਾਂ ਗੁਰੂਸਰ ਕੇਸ ਸਬੰਧੀ ਛੇ ਜਣਿਆਂ ਖਿਲਾਫ ਚਲਾਨ ਪੇਸ਼ ਕੀਤੇ ਗਏ।


ਸੂਤਰਾਂ ਨੇ ਦੱਸਿਆ ਕਿ ਗੁਰੂਸਰ ਬੇਅਦਬੀ ਕੇਸ ਸਬੰਧੀ ਤਿੰਨ ਮੁੱਖ ਮੁਲਜ਼ਮ ਪਰਦੀਪ ਕਲੇਰ, ਸਨਦੀਪ ਬਰੇਟਾ ਤੇ ਹਰਸ਼ ਧੂਰੀ ਹਾਲੇ ਤਕ ਫਰਾਰ ਹਨ। ਫੂਲ ਅਦਾਲਤ ਨੇ ਪਹਿਲਾਂ ਹੀ ਇਨ੍ਹਾਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹੋਏ ਹਨ। ਇਨ੍ਹਾਂ ਦੀ ਗ੍ਰਿਫ਼ਤਾਰੀ ਪਿੱਛੋਂ ਸਿਟ ਇਨ੍ਹਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਦਰਜ ਕਰੇਗੀ।

ਸਿਟ ਮੁਖੀ ਡੀਆਈਜੀ ਰਣਬੀਰ ਸਿੰਘ ਖਟਰਾ ਨੇ ਦੱਸਿਆ ਕਿ ਉਕਤ ਅਦਾਲਤਾਂ ਵਿੱਚ ਚਲਾਨ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਬਕਾਇਦਾ ਮਨਜ਼ੂਰੀ ਲਈ ਗਈ ਹੈ। ਸੂਤਰਾਂ ਨੇ ਦੱਸਿਆ ਕਿ ਮੁੱਖ ਮੁਲਜ਼ਮ ਪ੍ਰਿਥੀ ਸਿੰਘ ਡੇਰਾ ਸਿਰਸਾ ਦੀ ਸੂਬਾ ਕਮੇਟੀ ਦਾ ਹਿੱਸਾ ਸੀ, ਉਸ ਨੂੰ ਡੇਰਾ ਪ੍ਰਬੰਧਕਾਂ ਤੋਂ ਬੇਅਦਬੀ ਕਰਨ ਦਾ ਨਿਰਦੇਸ਼ ਮਿਲਿਆ ਸੀ। ਉਸ ਨੇ ਅਮਰਦੀਪ ਤੇ ਮਿੱਠੂ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ।