Moga News : ਅੱਜ ਪੰਜਾਬ ਦੇ ਡੀ.ਜੀ.ਪੀ. ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੂਰੇ ਪੰਜਾਬ 'ਚ ਆਪਰੇਸ਼ਨ ਈਗਲ-2 ਚਲਾਇਆ ਜਾ ਰਿਹਾ ਹੈ, ਇਸੇ ਤਹਿਤ ਮੋਗਾ ਵਿਖੇ ਫਰੀਦਕੋਟ ਰੇਂਜ ਦੇ ਆਈ.ਜੀ ਪ੍ਰਦੀਪ ਕੁਮਾਰ ਯਾਦਵ ਅਤੇ ਮੋਗਾ ਦੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ 'ਚ ਚੈਕਿੰਗ ਕੀਤੀ ਗਈ ਹੈ। 

 


 

ਰੇਲਵੇ ਸਟੇਸ਼ਨਾਂ ਅਤੇ ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕੇ ਲਗਾਉਣ ਦੇ ਨਾਲ-ਨਾਲ ਮੋਗਾ ਬੱਸ ਸਟੈਂਡ 'ਤੇ ਹਰ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਜ਼ਿਲ੍ਹੇ 'ਚ ਕੁੱਲ 19 ਨਾਕੇ ਲਗਾਏ ਗਏ ਅਤੇ ਮੋਗਾ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ 'ਤੇ ਉਕਤ ਪਾਰਕਿੰਗਾਂ ਦੀ ਤਲਾਸ਼ੀ ਲਈ ਗਈ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਪੁਲਿਸ ਨੇ ਦਿੱਲੀ ਨੰਬਰ ਵਾਲੀ ਮੋਗਾ ਬੱਸ ਸਟੈਂਡ ਦੇ ਬਾਹਰ ਖੜ੍ਹੀ ਕਾਰ ਨੂੰ ਹਿਰਾਸਤ 'ਚ ਲਿਆ ਹੈ। ਸ਼ਾਮ 4 ਵਜੇ ਤੱਕ ਤਲਾਸ਼ੀ ਮੁਹਿੰਮ ਜਾਰੀ ਰਹੇਗੀ। 

 


 

ਇਸ ਦੇ ਇਲਾਵਾ ਹੁਸ਼ਿਆਰਪੁਰ  'ਚ ਵੀ ਵੱਖ -ਵੱਖ ਚੌਕਾਂ 'ਚ ਪੁਲਿਸ ਵੱਲੋਂ ਸਖਤ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਰਾਹਗੀਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਸਰਚ ਅਭਿਆਨ ਤਹਿਤ ਹੁਸ਼ਿਆਰਪੁਰ 'ਚ ਵਿਸ਼ੇਸ਼ ਤੌਰ 'ਤੇ ਏਡੀਜੀਪੀ ਨਾਗੇਸ਼ਵਰ ਰਾਓ ਪਹੁੰਚੇ ਤੇ ਉਨ੍ਹਾਂ ਵੱਲੋਂ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਸਮੇਤ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ। 

 

ਮੀਡੀਆ ਨਾਲ ਗੱਲਬਾਤ ਦੌਰਾਨ ਏਡੀਜੀਪੀ ਨਾਗੇਸ਼ਵਰ ਰਾਓ ਨੇ ਕਿਹਾ ਕਿ ਸਰਚ ਅਭਿਆਨ ਚਲਾਉਣ ਦਾ ਮੁੱਖ ਉਦੇਸ਼ ਸ਼ਰਾਰਤੀ ਅਤੇ ਸ਼ੱਕੀ ਅਨਸਰਾਂ ਨੂੰ ਕਾਬੂ ਕਰਕੇ ਆਮ ਜਨਤਾ ਨੂੰ ਸੁਰੱਖਿਅਤ ਮਾਹੌਲ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਵੱਡੇ ਪੈਮਾਨੇ 'ਤੇ ਸਰਚ ਅਭਿਆਨ ਚਲਾ ਚੁੱਕੀ ਹੈ ਤੇ ਇਸ ਦੌਰਾਨ ਵੱਡੀ ਗਿਣਤੀ 'ਚ ਅਪਰਾਧਿਕ ਵਿਅਕਤੀਆਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਜਾ ਚੁੱਕਿਆ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।