ਮੋਹਾਲੀ : ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਅਰਜ਼ੀ 'ਤੇ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਮਜੀਠੀਆ ਨੂੰ ਜੇਲ 'ਚ ਰਹਿਣ ਲਈ ਸਾਫ਼-ਸੁਥਰੇ ਹਾਲਾਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। 

 

ਮਜੀਠੀਆ ਦੀ ਅਰਜ਼ੀ 'ਤੇ ਵਧੀਕ ਸੈਸ਼ਨ ਜੱਜ ਮੁਕੇਸ਼ ਕੁਮਾਰ ਸਿੰਗਲਾ ਦੀ ਅਦਾਲਤ ਨੇ ਅੱਜ ਇਹ ਹੁਕਮ ਦਿੱਤੇ ਹਨ। ਮਜੀਠੀਆ ਨੇ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ, ਜਿਸ ਵਿੱਚ ਉਸ ਨੇ ਧਮਕੀਆਂ ਦੀ ਗੱਲ ਕੀਤੀ ਸੀ ਅਤੇ ਇਹ ਵੀ ਕਿਹਾ ਸੀ ਕਿ ਜੇਲ੍ਹ ਦੀਆਂ ਬੈਰਕਾਂ ਵਿੱਚ ਰਹਿਣ-ਸਹਿਣ ਦੇ ਹਾਲਾਤ ਠੀਕ ਨਹੀਂ ਹਨ।

 


 ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜੇਲ੍ਹ ਅੰਦਰ ਜਾਣਬੁੱਝ ਕੇ ਪ੍ਰੇਸ਼ਾਨ ਕੀਤੀ ਜਾ ਰਿਹਾ ਹੈ। ਮਜੀਠੀਆ ਨੂੰ 12 ਸਾਲ ਤੋਂ ਖਾਲੀ ਪਈ ਬੈਰਕ ਵਿੱਚ ਰੱਖਿਆ ਗਿਆ ਹੈ। ਮਜੀਠੀਆ ’ਤੇ ਜੇਲ੍ਹ ਵਿੱਚ ਮਾਨਸਿਕ ਤਸ਼ੱਦਦ ਕਰਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਸਿੰਘ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਸਥਾਪਤ ਲੋਕਤੰਤਰੀ ਨਿਯਮਾਂ ਤੇ ਜੇਲ੍ਹ ਮੈਨੁਅਲ ਦੀ ਉਲੰਘਣਾ ਕਰ ਕੇ ਬਿਕਰਮ ਮਜੀਠੀਆ ਨਾਲ ਅਣਮਨੁੱਖੀ ਵਿਹਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਹਵਾਲਾਤੀ ਵਜੋਂ ਜਿਹੜੀਆਂ ਸਹੂਲਤਾਂ ਮਜੀਠੀਆ ਨੂੰ ਮਿਲਣੀਆਂ ਚਾਹੀਦੀਆਂ ਹਨ, ਉਹ ਵੀ ਨਹੀਂ ਦਿੱਤੀਆਂ ਜਾ ਰਹੀਆਂ।

 

 ਮਜੀਠੀਆ ਨੇ ਅਦਾਲਤ ਨੂੰ ਦੱਸਿਆ ਸੀ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸਭ ਠੀਕ ਨਹੀਂ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਵਰਗੀਆਂ ਜਥੇਬੰਦੀਆਂ ਤੋਂ ਇਲਾਵਾ ਗੈਂਗਸਟਰਾਂ ਤੋਂ ਜਾਨ ਦੇ ਖਤਰੇ ਦਾ ਹਵਾਲਾ ਦਿੱਤਾ ਸੀ।

 

 ਦੱਸ ਦਈਏ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਹਨ। ਉਨ੍ਹਾਂ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਬਿਕਰਮ ਮਜੀਠੀਆ ਨੇ ਅਦਾਲਤ ਕੋਲ ਪਹੁੰਚ ਕਰਕੇ ਇਹ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।