Punjab News: ਮੁਹਾਲੀ ਨਜ਼ਦੀਕੀ ਪਿੰਡ ਦੁਰਾਲੀ ਤੋਂ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਵਾਲਿਆਂ ਨੇ ਹੀ ਖੁਦ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲਾ ਕੀਤਾ ਹੈ। 


ਮਿਲੀ ਜਾਣਕਾਰੀ ਅਨੁਸਾਰ ਪਿੰਡ ਦੁਰਾਲੀ 'ਚ ਨਸ਼ਾ ਵੇਚਣ ਵਾਲਿਆਂ ਤੋਂ ਤੰਗ ਆਏ ਪਿੰਡ ਵਾਸੀਆਂ ਨੇ ਬੀਤੇ ਦਿਨੀਂ ਨਸ਼ਾ ਤਸਕਰਾਂ ਨੂੰ ਘੇਰਾ ਪਾ ਕੇ ਕਾਬੂ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੂੰ ਸੱਦ ਲਿਆ ਅਤੇ ਇਨ੍ਹਾਂ ਵਿਅਕਤੀਆਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।


ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਦੋ ਤਿੰਨ ਵਿਅਕਤੀ ਅਜਿਹੇ ਹਨ ਜਿਹੜੇ ਨਸ਼ਾ ਵੇਚਦੇ ਹਨ ਅਤੇ ਕਈ ਵਾਰ ਰੋਕੇ ਜਾਣ ਦੇ ਬਾਵਜੂਦ ਉਹਨਾਂ ਨੇ ਆਪਣਾ ਕੰਮ ਜਾਰੀ ਰੱਖਿਆ ਹੋਇਆ ਹੈ। ਉਹਨਾਂ ਕਿਹਾ ਕਿ ਇਹਨਾਂ ਕੋਲ ਥੋੜ੍ਹੀ ਥੋੜ੍ਹੀ ਦੇਰ ਬਾਅਦ ਕੋਈ ਨਾ ਕੋਈ ਵਿਅਕਤੀ ਨਸ਼ਾ ਖਰੀਦਣ ਜਾਂ ਨਸ਼ਾ ਸਪਲਾਈ ਕਰਨ ਆਉਂਦਾ ਰਹਿੰਦਾ ਹੈ ਜਿਸ ਕਾਰਨ ਪਿੰਡ ਦਾ ਮਾਹੌਲ ਖਰਾਬ ਹੁੰਦਾ ਹੈ।


ਉਹਨਾਂ ਕਿਹਾ ਕਿ ਇਸ ਸੰਬੰਧੀ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਕਾਰਵਾਈ ਨਾ ਹੋਣ ਤੇ ਅੱਜ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਇਹਨਾਂ ਵਿਅਕਤੀਆਂ ਅਤੇ ਨਸ਼ਾ ਸਪਲਾਇਰਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਹੈ। ਉਹਨਾਂ ਦੱਸਿਆ ਕਿ ਇੱਕ ਨਸ਼ਾ ਵੇਚਣ ਵਾਲਾ, ਇੱਕ ਸਪਲਾਇਰ ਅਤੇ ਕੁੱਝ ਖਰੀਦਦਾਰ ਕਾਬੂ ਕੀਤੇ ਗਏ ਹਨ ਜਦੋਂਕਿ ਕੁੱਝ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ।



ਮੌਕੇ 'ਤੇ ਪਹੁੰਚੇ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਕਿ ਪਿੰਡ ਵਿੱਚ ਕੁੱਝ ਵਿਅਕਤੀ ਨਸ਼ਾ ਵੇਚਦੇ ਹਨ ਅਤੇ ਕੁੱਝ ਉਹਨਾਂ ਨੂੰ ਸਪਲਾਈ ਕਰਨ ਆਉਂਦੇ ਹਨ। ਉਹਨਾਂ ਕਿਹਾ ਕਿ ਪੁਲਿਸ ਵਲੋਂ 8-9 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।