ਅੰਮ੍ਰਿਤਸਰ: ਪੰਜਾਬ ਦੇ ਪਾਣੀ ਨੂੰ ਰਾਜਸਥਾਨ ਜਾਣ ਤੋਂ ਰੋਕਣ ਲਈ ਸੰਕੇਤਕ ਵਿਰੋਧ ਪ੍ਰਦਰਸ਼ਨ ਕਾਰਨ ਜਾ ਰਹੇ ਯੁਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਨੇ ਮੱਖੂ ਜਾਣ ਤੋਂ ਰੋਕ ਲਿਆ। ਬਾਅਦ ਵਿੱਚ ਉਨ੍ਹਾਂ ਨੂੰ ਹਰੀਕੇ ਹੈੱਡ ਵਰਕਸ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ।

 

 

ਦਰਅਸਲ ਭਾਈ ਮੋਹਕਮ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਇੱਕ ਪਾਸੇ ਸਰਕਾਰ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰਲੇ ਸੂਬੇ ਨੂੰ ਨਾ ਦੇਣ ਦੀ ਗੱਲ ਕਹਿ ਰਹੀ ਹੈ ਪਰ ਦੂਜੇ ਪਾਸੇ ਮੱਖੂ ਨਹਿਰ ਰਾਹੀਂ ਪਾਣੀ ਰਾਜਸਥਾਨ ਵਿੱਚ ਭੇਜਿਆ ਜਾ ਰਿਹਾ ਹੈ।

 

 

ਉਨ੍ਹਾਂ ਇਸ ਨੂੰ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕਰਾਰ ਦਿੱਤਾ। ਇਸ ਲਈ ਉਹ ਅੱਜ ਆਪਣੇ ਸਮਰਥਕਾਂ ਸਮੇਤ ਮੱਖੂ ਪਾਸੇ ਜਾ ਰਹੇ ਸਨ। ਉਨ੍ਹਾਂ ਨੂੰ ਹਰੀਕੇ ਵਿੱਚ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਉੱਥੇ ਬੈਠ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮਗਰੋਂ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।