Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
ਮੌਸਮ ਵਿਭਾਗ ਮੁਤਾਬਕ ਅੱਜ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Monsoon News: ਮੌਸਮ ਵਿਭਾਗ ਮੁਤਾਬਕ ਅੱਜ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ ਇੱਕ ਚੱਕਰਵਾਤੀ ਸਰਕੂਲੇਸ਼ਨ ਉੱਤਰੀ ਬੰਗਲਾਦੇਸ਼ ਉੱਤੇ ਹੈ ਅਤੇ ਦੂਜਾ ਆਸਾਮ ਉੱਤੇ ਹੈ। ਇਨ੍ਹਾਂ ਦੇ ਪ੍ਰਭਾਵ ਹੇਠ ਅਗਲੇ 5 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨੀਆਂ ਨੇ ਪੰਜਾਬ ਭਰ ਵਿਚ ਅੱਜ 3 ਜੁਲਾਈ ਨੂੰ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਗੁਰਦਾਸਪੁਰ, ਬਠਿੰਡਾ, ਲੁਧਿਆਣਾ, ਮੁਹਾਲੀ, ਰੋਪੜ ਤੇ ਹੋਰ ਆਲੇ-ਦੁਆਲੇ ਇਲਾਕੇ ਵਿਚ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਪੈਣ ਕਰਕੇ ਚੰਡੀਗੜ੍ਹ, ਮੁਹਾਲੀ ਤੇ ਰੂਪਨਗਰ ਦੀਆਂ ਸੜਕਾਂ ਉਤੇ ਪਾਣੀ ਭਰ ਗਿਆ। ਇਸ ਦੇ ਨਾਲ ਹੀ ਜ਼ੀਰਕਪੁਰ ਫਲਾਈਓਵਰ ਦੇ ਹੇਠਾਂ ਵੀ ਪਾਣੀ ਖੜ੍ਹਾ ਹੋ ਗਿਆ। ਸੜਕਾਂ ’ਤੇ ਪਾਣੀ ਖੜ੍ਹਨ ਕਰਕੇ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ 28.3 ਐੱਮਐੱਮ, ਮੁਹਾਲੀ ਵਿੱਚ 21.5 , ਰੂਪਨਗਰ ਵਿੱਚ 15.5, ਬਠਿੰਡਾ ਵਿਚ 4, ਗੁਰਦਾਸਪੁਰ ਵਿੱਚ 4.7, ਲੁਧਿਆਣਾ ਵਿਚ 9.6, ਅੰਮ੍ਰਿਤਸਰ ਵਿਚ 0.4 ਐਮਐਮ ਮੀਂਹ ਪਿਆ ਹੈ। ਸਵੇਰ ਸਮੇਂ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਵੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ।
ਦੱਸ ਦਈਏ ਕਿ ਦੇਸ਼ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਲਗਭਗ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। 2 ਜੁਲਾਈ ਨੂੰ ਮਾਨਸੂਨ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧ ਗਿਆ ਹੈ। ਇਸ ਤਰ੍ਹਾਂ ਮਾਨਸੂਨ ਨੇ 8 ਜੁਲਾਈ ਨੂੰ ਪੂਰੇ ਭਾਰਤ ਨੂੰ ਕਵਰ ਕਰਨ ਦੀ ਆਮ ਤਰੀਕ ਤੋਂ 6 ਦਿਨ ਪਹਿਲਾਂ 2 ਜੁਲਾਈ ਨੂੰ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣੀ-ਪੂਰਬੀ ਪਾਕਿਸਤਾਨ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਅਗਲੇ 5 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 13 ਰਾਜਾਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।