ਪੜਚੋਲ ਕਰੋ
Advertisement
ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਪੰਥ ਵਿਰੋਧੀ ਸ਼ਕਤੀਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ
100 ਸਾਲ ਪਹਿਲਾਂ ਲਗਾਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ SGPC ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਅੰਮ੍ਰਿਤਸਰ : 100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸ਼ਤਾਬਦੀ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਇਤਿਹਾਸ ਦੇ ਪੰਨਿਆਂ ਤੋਂ ਸੇਧ ਲੈਣ ਅਤੇ ਇਕਜੁਟਤਾ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਵਿਸ਼ਾਲ ਸੰਗਤੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖ਼ਾਲਸਾ ਪੰਥ ਨੇ ਹਮੇਸ਼ਾ ਹੀ ਹੱਕ ਸੱਚ ਲਈ ਲੜਾਈ ਲੜੀ ਅਤੇ ਗੁਰਦੁਆਰਾ ਗੁਰੂ ਕਾ ਬਾਗ ਦਾ ਮੋਰਚਾ ਵੀ ਇਸੇ ਪ੍ਰਸੰਗ ਵਿਚ ਹੀ ਫ਼ਤਹਿ ਕੀਤਾ ਗਿਆ। ਇਸ ਮੋਰਚੇ ਵਿਚ ਅੰਗਰੇਜ਼ ਸਰਕਾਰ ਨੇ ਜ਼ੁਲਮਾਂ ਦੀ ਹੱਦ ਪਾਰ ਕਰ ਦਿੱਤੀ ਸੀ ਪਰ ਸਿੱਖਾਂ ਨੇ ਦ੍ਰਿੜ੍ਹਤਾ ਨਾਲ ਸਬਰ ਨੂੰ ਡੋਲ੍ਹਣ ਨਾ ਦਿੱਤਾ ਅਤੇ ਜਿੱਤ ਪ੍ਰਾਪਤ ਕਰਨ ਤਕ ਸੰਘਰਸ਼ ਜਾਰੀ ਰੱਖਿਆ। ਉਨ੍ਹਾਂ ਕਿਹਾ ਕਿ ਕੌਮ ਦੇ ਇਸ ਸ਼ਾਨਾਂਮੱਤੇ ਇਤਿਹਾਸ ਨੂੰ ਨੌਜੁਆਨੀ ਤੱਕ ਲੈ ਕੇ ਜਾਣ ਦੀ ਲੋੜ ਹੈ ਤਾਂ ਜੋ ਭਵਿੱਖ ਵਿਚ ਚੁਣੌਤੀਆਂ ਦਾ ਟਾਕਰਾ ਕਰਨ ਲਈ ਅਗਲੀ ਪੀੜ੍ਹੀ ਤਿਆਰ ਹੋ ਸਕੇ।
ਉਨ੍ਹਾਂ ਧਰਮ ਪ੍ਰਵਰਤਨ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਰਤਾਰਾ ਰੋਕਣ ਲਈ ਸਿੱਖਾਂ ਨੂੰ ਆਪਣੇ ਇਤਿਹਾਸ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਸਬੰਧ ਵਿਚ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਇਤਿਹਾਸ ਪ੍ਰੇਰਣਾ ਸਰੋਤ ਹੈ, ਜੋ ਅਨੇਕਾਂ ਤਰ੍ਹਾਂ ਦੇ ਲਾਲਚ ਅਤੇ ਮੁਗਲਾਂ ਦੇ ਜੁਲਮ ਦੀ ਸਿਖਰ ਦੇ ਬਾਵਜੂਦ ਵੀ ਆਪਣੇ ਧਰਮ ਵਿਚ ਪੱਕੇ ਰਹੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਸਿੱਖੀ ਪ੍ਰਚਾਰ ਲਈ ਅੱਗੇ ਆਉਣ ਲਈ ਵੀ ਕਿਹਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਸਿੱਖੀ ਪ੍ਰਚਾਰ ਲਈ ਘਰ ਘਰ ਤੱਕ ਪਹੁੰਚ ਕਰਨ ਅਤੇ ਖ਼ਾਸਕਰ ਸੰਵਾਦ ਵਿਧੀ ਅਪਨਾਉਣ ਲਈ ਪ੍ਰੇਰਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਇਤਿਹਾਸ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਰਗਰਮ ਧਰਮ ਪ੍ਰਚਾਰ ਲਹਿਰ ਜਾਰੀ ਰੱਖਣ ਦਾ ਐਲਾਨ ਕਰਦਿਆਂ ਸੰਗਤ ਨੂੰ ਵੀ ਸਿੱਖੀ ਪ੍ਰਚਾਰ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਹੁਤ ਸਾਰੇ ਲੋਕ ਸਿੱਖ ਵਿਰੋਧੀ ਸ਼ਕਤੀਆਂ ਦੀ ਸ਼ਹਿ ’ਤੇ ਸਿੱਖ ਪੰਥ ਵਿਚ ਵੰਡੀਆਂ ਪਾਉਣ ਦਾ ਯਤਨ ਕਰ ਰਹੇ ਹਨ, ਜਿਨ੍ਹਾਂ ਦੀਆਂ ਚਾਲਾਂ ਨੂੰ ਸਮਝਣ ਦੀ ਵੱਡੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਆਰਐਸਐਸ ਦੀ ਸ਼ਹਿ ’ਤੇ ਇਹ ਲੋਕ ਪੰਜਾਬ ਅੰਦਰ ਜ਼ਮੀਨ ਤਿਆਰ ਕਰਨਾ ਚਾਹੁੰਦੇ ਹਨ ਅਤੇ ਇਨ੍ਹਾਂ ਦਾ ਮੰਤਵ ਸਿੱਧੇ ਅਸਿੱਧੇ ਤੌਰ ’ਤੇ ਸ਼੍ਰੋਮਣੀ ਕਮੇਟੀ ਚੋਣਾਂ ਰਾਹੀਂ ਗੁਰਦੁਆਰਿਆਂ ਦਾ ਪ੍ਰਬੰਧ ਹਥਿਆਉਣਾ ਹੈ। ਪਰੰਤੂ ਖਾਲਸਾ ਪੰਥ ਅਜਿਹੀਆਂ ਸ਼ਕਤੀਆਂ ਵਿਰੁੱਧ ਹਮੇਸ਼ਾ ਤਕੜਾ ਰਿਹਾ ਹੈ ਅਤੇ ਅੱਜ ਵੀ ਸ਼ਕਤੀਸ਼ਾਲੀ ਹੈ, ਜੋ ਇਨ੍ਹਾਂ ਦੀਆਂ ਸਾਜ਼ਿਸ਼ੀ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ।
ਉਨ੍ਹਾਂ ਆਖਿਆ ਕਿ ਚੁਣੌਤੀਆਂ ਦੇ ਸਮੇਂ ਵਿਚ ਸਿੱਖ ਕੌਮ ਹਮੇਸ਼ਾ ਪ੍ਰਫੁੱਲਤ ਹੋਈ ਹੈ ਅਤੇ ਇਸ ਦਾ ਗਵਾਹ ਸਿੱਖ ਇਤਿਹਾਸ ਦੇ ਸਾਕੇ ਤੇ ਮੋਰਚੇ ਹਨ। ਗੁਰਦੁਆਰਾ ਗੁਰੂ ਕਾ ਬਾਗ ਦਾ ਮੋਰਚਾ ਵੀ ਅਜਿਹੀਆਂ ਚੁਣੌਤੀਆਂ ਵਿੱਚੋਂ ਹੀ ਨਿਕਲਿਆ ਸੀ ਅਤੇ ਸਿੱਖ ਕੌਮ ਨੇ ਵਿਰੋਧੀ ਸ਼ਕਤੀਆਂ ਨੂੰ ਮਾਤ ਦਿੱਤੀ ਸੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸਰਹੱਦੀ ਇਲਾਕੇ ਵਿਚ ਧਰਮ ਪ੍ਰਵਰਤਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਲਗਾਤਾਰ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਉਂਝ ਇਸ ਸਬੰਧੀ ਚਰਚਾ ਜ਼ਿਆਦਾ ਹੈ ਅਤੇ ਜ਼ਮੀਨੀ ਪੱਧਰ ’ਤੇ ਹਾਲਾਤ ਕੁਝ ਹੋਰ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਸਿੱਖ ਮਿਸ਼ਨਰੀ ਕਾਲਜਾਂ ਦੇ ਸੈਂਕੜੇ ਵਿਦਿਆਰਥੀ ਸਰਹੱਦੀ ਇਲਾਕਿਆਂ ਵਿਚ ਪ੍ਰਚਾਰ ਲਈ ਤੋਰੇ ਜਾਣਗੇ, ਤਾਂ ਜੋ ਧਰਮ ਪ੍ਰਵਰਤਨ ਬਾਰੇ ਚਰਚਾ ਦਾ ਸੱਚ ਜਾਣਿਆ ਜਾ ਸਕੇ।
ਸ਼ਤਾਬਦੀ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਰਚਾ ਗੁਰੂ ਕਾ ਬਾਗ ਵਿਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਨੂੰ ਸਤਿਕਾਰ ਭੇਟ ਕਰਦਿਆਂ ਸਿੱਖ ਰਵਾਇਤਾਂ ਦਾ ਪਾਲਣ ਕਰਨ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਵੱਲੋਂ ਲਗਾਏ ਗਏ ਮੋਰਚੇ ਸਿੱਖ ਪੰਥ ਦੀ ਸ਼ਕਤੀ ਦਾ ਸੋਮਾਂ ਹਨ। ਸਿੱਖ ਇਤਿਹਾਸ ਅੰਦਰ ਮੋਰਚਿਆਂ ਦੇ ਪੰਨੇ ਅਤਿ ਅਹਿਮ ਹਨ, ਜਿਨ੍ਹਾਂ ’ਚੋਂ ਅਕਾਲੀ ਯੋਧਿਆਂ ਦੀ ਘਾਲਣਾ ਨਜ਼ਰੀਂ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸਾਕੇ ਤੇ ਮੋਰਚੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦ੍ਰਿੜ੍ਹਤਾ ਨਾਲ ਲੜੇ ਗਏ ਸਨ ਅਤੇ ਇਹ ਸਿੱਖ ਪੰਥ ਦੀਆਂ ਉਹ ਸੰਸਥਾਵਾਂ ਹਨ, ਜਿਨ੍ਹਾਂ ਨੇ ਸਿੱਖੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਮਸਲਿਆਂ ਲਈ ਆਪਣੇ ਨੁਕਸਾਨ ਦੀ ਪ੍ਰਵਾਹ ਨਹੀਂ ਕੀਤੀ। ਪਰੰਤੂ ਦੁੱਖ ਦੀ ਗੱਲ ਹੈ ਕਿ ਪੰਥ ਵਿਰੋਧੀ ਲੋਕਾਂ ਵੱਲੋਂ ਅੱਜ ਪੰਥ ਦੀਆਂ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਤੇ ਬਿਨਾਂ ਕਾਰਨ ਉਂਗਲ ਉਠਾਉਣ ਵਾਲੇ ਲੋਕ ਖੁਦ ਪੰਥ ਵਿਰੋਧੀਆਂ ਦੀ ਬੁੱਕਲ ਵਿਚ ਬੈਠੇ ਹੋਏ ਹਨ ਅਤੇ ਇਨ੍ਹਾਂ ਦੀਆਂ ਚਾਲਾਂ ਨੂੰ ਪੰਥ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਪੰਥ ਦੇ ਮਸਲਿਆਂ ’ਤੇ ਸੰਜੀਦਾ ਰਿਹਾ ਹੈ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ’ਤੇ ਪ੍ਰਣ ਕਰਦਾ ਹੈ ਕਿ ਪੰਥਕ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹੇਗਾ।
ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਗੁਰਬਾਣੀ ਤੇ ਸਿੱਖ ਇਤਿਹਾਸ ਨੂੰ ਆਪਣੇ ਜੀਵਨ ਦਾ ਹਿੱਸਾ ਬਨਾਉਣ ਦੀ ਅਪੀਲ ਕੀਤੀ। ਉਨ੍ਹਾਂ ਮੋਰਚਾ ਗੁਰੂ ਕਾ ਬਾਗ ਦੇ ਯੋਧਿਆਂ ਨੂੰ ਵੀ ਯਾਦ ਕੀਤਾ ਅਤੇ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਹਰ ਸਿੱਖ ਨੂੰ ਜਾਣੂ ਹੋਣ ਅਤੇ ਬੱਚਿਆਂ ਨੂੰ ਦੱਸਣ ਦੀ ਪ੍ਰੇਰਣਾ ਵੀ ਕੀਤੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਢਾਡੀ ਤੇ ਕਵੀਸ਼ਰ ਜਥਿਆਂ ਨੇ ਇਤਿਹਾਸਕ ਵਾਰਾਂ ਗਾ ਕੇ ਮੋਰਚਾ ਦਾ ਇਤਿਹਾਸ ਸਰਵਣ ਕਰਵਾਇਆ। ਸਮਾਗਮ ਸਮੇਂ ਮੋਰਚੇ ਦਾ ਹਿੱਸਾ ਰਹੇ ਅਤੇ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਪੁਜੀਆਂ ਪੰਥਕ ਸ਼ਖ਼ਸੀਅਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਨਮਾਨਿਤ ਕੀਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪਾਲੀਵੁੱਡ
Advertisement