PTM: ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ 15 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ, CM ਮਾਨ ਨੇ ਕਿਹਾ, ਇਹ ਨੌਜਵਾਨ ਦੇਸ਼ ਲਈ ਸਫ਼ਲਤਾ ਦੀ ਨਵੀਂ ਇਬਾਰਤ ਲਿਖਣਗੇ
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰੀ ਸਕੂਲ ਪੰਜਾਬ ਦੀ ਸਫ਼ਲਤਾ ਦੀਆਂ ਕਹਾਣੀਆਂ ਆਪ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਸੁਪਨਾ ਨੌਕਰਸ਼ਾਹ, ਡਾਕਟਰ, ਇੰਜਨੀਅਰ ਅਤੇ ਹੋਰ ਕਿੱਤਿਆਂ ਵਿੱਚ ਸਫ਼ਲ ਹੋਣ ਦਾ ਹੈ।
Punjab News: ਸੂਬੇ ਦੇ 20,000 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਗਈ ਅਧਿਆਪਕ-ਮਾਪੇ ਮਿਲਣੀ ਵਿੱਚ 15 ਲੱਖ ਤੋਂ ਮਾਪਿਆਂ ਦੇ ਸ਼ਾਮਲ ਹੋਣ ‘ਤੇ ਤਸੱਲੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਆਧੁਨਿਕ ਸਰਕਾਰੀ ਸਕੂਲ ਹਰ ਖੇਤਰ ਵਿੱਚ ਅਜਿਹੇ ਆਗੂ ਪੈਦਾ ਕਰਨਗੇ, ਜੋ ਦੇਸ਼ ਨੂੰ ਸਿਖਰ ‘ਤੇ ਲੈ ਜਾਣਗੇ।
ਇੱਥੇ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਕਰਵਾਈ ਅਧਿਆਪਕ-ਮਾਪੇ ਮਿਲਣੀ (ਪੀ.ਟੀ.ਐਮ.) ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਉਹ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਨਿਰਮਾਤਾ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਵਿਦਿਆਰਥੀ ਆਪਣੀ ਮਿਹਨਤ ਅਤੇ ਸਫ਼ਲਤਾ ਨਾਲ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਯੋਗਤਾਵਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਨੌਜਵਾਨ ਦੇਸ਼ ਲਈ ਸਫ਼ਲਤਾ ਦੀ ਨਵੀਂ ਇਬਾਰਤ ਲਿਖਣਗੇ।
Addressing the gathering during the mega PTM organised by the state government, Chief Minister @BhagwantMann envisioned that the state of the art government schools of state will produce the leaders in every sphere that take the country to zenith. pic.twitter.com/IrkWfd5Rrt
— Government of Punjab (@PunjabGovtIndia) December 24, 2022
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰੀ ਸਕੂਲ ਪੰਜਾਬ ਦੀ ਸਫ਼ਲਤਾ ਦੀਆਂ ਕਹਾਣੀਆਂ ਆਪ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਸੁਪਨਾ ਨੌਕਰਸ਼ਾਹ, ਡਾਕਟਰ, ਇੰਜਨੀਅਰ ਅਤੇ ਹੋਰ ਕਿੱਤਿਆਂ ਵਿੱਚ ਸਫ਼ਲ ਹੋਣ ਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਕੱਚੀ ਮਿੱਟੀ ਦੇ ਖਿਡੌਣਿਆਂ ਵਾਂਗ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਧਾਰ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਪੰਜਾਬ ਵਿੱਚ ਯੂਨਿਟ ਸਥਾਪਤ ਕਰਨ ਲਈ ਕਈ ਉਦਯੋਗਿਕ ਕਾਰੋਬਾਰੀਆਂ ਨਾਲ ਰਾਬਤਾ ਤੇ ਸਹਿਯੋਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦਯੋਗਾਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਵਿਦਿਆਰਥੀ ਸੂਬੇ ਵਿੱਚ ਸਥਾਪਤ ਹੋਣ ਵਾਲੀਆਂ ਵੱਡੀਆਂ ਉਦਯੋਗਿਕ ਇਕਾਈਆਂ ਨੂੰ ਚਲਾਉਣਗੇ।
ਇਸ ਦੌਰਾਨ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕੀਤੇ ਗਏ ਉਪਰਾਲੇ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੇ ਹਾਣ ਦਾ ਬਣਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਬੱਚੇ ਦੀ ਰੁਚੀ ਬਾਰੇ ਵੀ ਕਾਫੀ ਕੁਝ ਪਤਾ ਲੱਗਾ ਹੈ।
ਉਨ੍ਹਾਂ ਸਰਕਾਰੀ ਸਕੂਲ ਵਿੱਚ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਇੱਥੇ ਕਰਵਾਈ ਜਾਂਦੀ ਪੜ੍ਹਾਈ ਨੇ ਉਨ੍ਹਾਂ ਦੇ ਬੱਚਿਆਂ ਨੂੰ ਆਪਣੇ ਕਾਨਵੈਂਟ ਦੇ ਪੜ੍ਹਦੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਇਆ ਹੈ।