ਸ਼ੰਕਰ ਦਾਸ ਦੀ ਰਿਪੋਰਟ
Punjab News : ਪੰਜਾਬ ‘ਚ ਡਰੱਗ ਦੀ ਤਸਕਰੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ‘ਚ ਫਰਾਰ ਬਰਖਾਸਤ ਏਆਈਜੀ ਰਾਜਜੀਤ ਸਿੰਘ (AIG Rajjit Singh) ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸਪੈਸ਼ਲ ਟਾਸਕ ਫੋਰਸ (STF) ਦੀ ਵਿਸ਼ੇਸ਼ ਸਿੱਟ ਨੇ ਰਾਜਜੀਤ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਕ ਹੋਰ ਕੇਸ ਦਰਜ ਕੀਤਾ ਹੈ। ਰਾਜਜੀਤ 'ਤੇ ਨਸ਼ਾ ਤਸਕਰਾਂ ਤੋਂ ਰਿਸ਼ਵਤ ਮੰਗਣ ਅਤੇ ਉਨ੍ਹਾਂ ਨੂੰ ਸੁਰੱਖਿਆ ਦੇਣ ਦਾ ਇਲਜ਼ਾਮ ਹੈ। ਸੂਤਰਾਂ ਅਨੁਸਾਰ ਬਰਖ਼ਾਸਤ ਅਧਿਕਾਰੀ ਖਿਲਾਫ਼ ਉਗਰਾਹੀ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸਪੈਸ਼ਲ STF ਵੱਲੋਂ ਰਾਜਜੀਤ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜਨਤਕ ਕੀਤੀਆਂ ਗਈਆਂ ਤਿੰਨ ਐਸਆਈਟੀ ਰਿਪੋਰਟਾਂ ਦੇ ਆਧਾਰ 'ਤੇ ਮੋਹਾਲੀ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਫਆਈਆਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਬਰਖ਼ਾਸਤ ਅਧਿਕਾਰੀ 'ਤੇ ਜਬਰੀ ਵਸੂਲੀ ਦਾ ਮਾਮਲਾ ਦਰਜ ਕੀਤਾ ਗਿਆ ਹੈ ਕਿਉਂਕਿ ਸਿਟ ਦੀਆਂ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਰਾਜਜੀਤ ਦੀ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਹੈ।