Punjab News : ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਅੱਜ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਚੁੱਕੀ ਹੈ। ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਅੰਤਿਮ ਸਸਕਾਰ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਪਿੰਡ ਧਾਲੀਵਾਲ ਵਿਖੇ ਹੋਵੇਗਾ।

 

ਇਸ ਦੌਰਾਨ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਹੈ। ਰਾਹੁਲ ਗਾਂਧੀ ਨੇ ਦੁੱਖ਼ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮੌਤ ਦੇ ਨਾਲ ਡੂੰਘੇ ਸਦਮੇ 'ਚ ਹਾਂ। ਸੰਤੋਖ ਸਿੰਘ ਚੌਧਰੀ ਮਿਹਨਤੀ ਨੇਤਾ ਸਨ। ਯੂਵਾ ਕਾਂਗਰਸ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਨੇ ਆਪਣਾ ਜੀਵਨ ਜਨਸੇਵਾ ਨੂੰ ਸਮਰਪਿਤ ਕੀਤਾ ਹੈ।


 

ਦੱਸ ਦੇਈਏ ਕਿ ਪੰਜਾਬ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਅੱਜ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ। ਅਚਾਨਕ ਸਿਹਤ ਖ਼ਰਾਬ ਹੋਣ ਮਗਰੋਂ ਉਨ੍ਹਾਂ ਨੂੰ ਤੁਰੰਤ ਫਗਵਾੜਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਮ੍ਰਿਤਕ ਐਲਾਨ ਦਿੱਤਾ ਹੈ।
  

 


 

ਜ਼ਿਕਰਯੋਗ ਹੈ ਕਿ ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਵਿੱਚ ਹੋਇਆ ਸੀ। ਉਹ ਪਿੰਡ ਧਾਲੀਵਾਲ ਦੇ ਜੰਮਪਲ ਸਨ। ਉਹ ਇੱਕ ਗਰੈਜੂਏਟ ਪ੍ਰੋਫੈਸ਼ਨਲ ਸਨ। ਉਹ ਪੇਸ਼ੇ ਵੱਜੋਂ ਵਕੀਲ ਅਤੇ ਬਿਜਨਸਮੈਨ ਸਨ। ਉਨ੍ਹਾਂ ਦੇ 1 ਲੜਕਾ ਅਤੇ ਇੱਕ ਲੜਕੀ ਹੈ। ਉਹ ਜਲੰਧਰ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਸਨ।

 

 ਉਨ੍ਹਾਂ ਨੇ ਆਪਣੇ ਰਾਜਨੀਤੀ ਸਫ਼ਰ ਦੀ ਸ਼ੁਰੂਆਤ 1978 ਵਿੱਚ ਕੀਤੀ ਸੀ, ਜਦੋਂ ਉਹ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਸਨ। 1992 ਵਿੱਚ ਉਹ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਗਏ ਸਨ। ਚੌਧਰੀ 2 ਵਾਰੀ ਸਾਲ 1992 ਅਤੇ 2002 ਵਿੱਚ ਫਿਲੌਰ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣੇ ਗਏ ਸਨ। 1992 ਵਿੱਚ ਉਹ ਪੰਜਾਬ ਕੈਬਿਨਟ ਵਿੱਚ ਮੰਤਰੀ ਬਣੇ ਅਤੇ ਪਰਿਵਾਰ ਭਲਾਈ ਤੇ ਫੂਡ ਸਪਲਾਈ ਵਿਭਾਗ ਦਾ ਅਹੁਦਾ ਮਿਲਿਆ।

ਉਪਰੰਤ 2002 ਵਿੱਚ ਮੁੜ ਸੰਤੋਖ ਸਿੰਘ ਚੌਧਰੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਹੇਠਲੀ ਸਰਕਾਰ ਵਿੱਚ ਕੈਬਿਨਟ ਰੈਂਕ ਪ੍ਰਾਪਤ ਹੋਇਆ ਅਤੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਵਿਭਾਗ, ਮੈਡੀਕਲ ਸਿੱਖਿਆ ਅਤੇ ਰਿਸਰਚ ਵਿਭਾਗ ਮਿਲਿਆ। ਇਸ ਪਿੱਛੋਂ ਕਾਂਗਰਸ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਖੜਾ ਕੀਤਾ ਅਤੇ ਉਹ  2 ਵਾਰੀ 2014 ਅਤੇ 2019 ਵਿੱਚ ਜਿੱਤ ਪ੍ਰਾਪਤ ਕੀਤੀ ਅਤੇ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ।