Mulayam Singh Yadav Death : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ,ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਸੰਧਵਾਂ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ,ਜਿਨਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ। 

 

ਉਨਾਂ ਕਿਹਾ ਕਿ ਸ੍ਰੀ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ।  ਸੰਧਵਾਂ ਨੇ ਸ੍ਰੀ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

 

ਦੱਸ ਦੇਈਏ ਕਿ ਤਿੰਨ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਇੱਕ ਵਾਰ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮੁਲਾਇਮ ਸਿੰਘ ਯਾਦਵ ( Mulayam Singh Yadav ) ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ 8:16 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਮੁਲਾਇਮ ਸਿੰਘ ਯਾਦਵ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੇ ਆਈਸੀਯੂ ਵਿੱਚ ਰੱਖਿਆ ਗਿਆ ਸੀ। 

 


 

 ਜਾਣਕਾਰੀ ਅਨੁਸਾਰ ਮੁਲਾਇਮ ਸਿੰਘ ਯਾਦਵ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਘੱਟ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ 22 ਅਗਸਤ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਹਾਲਾਂਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਸੀ ਅਤੇ 1 ਅਕਤੂਬਰ ਦੀ ਰਾਤ ਨੂੰ ਉਨ੍ਹਾਂ ਨੂੰ ਆਈਸੀਯੂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਨ੍ਹਾਂ ਦਾ ਇਲਾਜ ਕਰ ਰਿਹਾ ਸੀ। 

 


ਦੱਸ ਦੇਈਏ ਕਿ ਮੁਲਾਇਮ ਸਿੰਘ ਯਾਦਵ ਦਾ ਜਨਮ 22 ਨਵੰਬਰ 1939 ਨੂੰ ਹੋਇਆ ਸੀ। ਮੁਲਾਇਮ ਪੰਜ ਭਰਾਵਾਂ ਵਿੱਚੋਂ ਤੀਜੇ ਨੰਬਰ ’ਤੇ ਸਨ। ਮੁਲਾਇਮ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੁਸ਼ਤੀ ਨਾਲ ਕੀਤੀ ਸੀ। ਉਹ ਪੇਸ਼ੇ ਤੋਂ ਅਧਿਆਪਕ ਸੀ। ਕੁਝ ਸਮਾਂ ਇੰਟਰ ਕਾਲਜ ਵਿੱਚ ਪੜ੍ਹਾਇਆ। ਪਿਤਾ ਜੀ ਉਸ ਨੂੰ ਪਹਿਲਵਾਨ ਬਣਾਉਣਾ ਚਾਹੁੰਦੇ ਸਨ। ਫਿਰ ਮੁਲਾਇਮ ਸਿੰਘ ਯਾਦਵ ਜਸਵੰਤਨਗਰ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ 'ਚ ਉਤਰੇ। ਉਹ 1982-1985 ਤੱਕ ਵਿਧਾਨ ਪ੍ਰੀਸ਼ਦ ਦੇ ਮੈਂਬਰ ਰਹੇ।