ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੁਲਤਾਨੀ ਅਗਵਾ ਕੇਸ ਵਿੱਚ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਨੇ ਵਾਅਦਾ ਮਾਫ ਗਵਾਹ ਬਣਨ ਮਗਰੋਂ ਮੁਹਾਲੀ ਦੀ ਅਦਾਲਤ ਵਿੱਚ ਬਿਆਨ ਦਰਜ ਕਰਵਾਏ। ਸੁਮੇਧ ਸੈਣੀ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ।

ਇਸ ਕੇਸ ਵਿੱਚ ਮੁਲਜ਼ਮ ਤੇ ਕਿਸੇ ਵੇਲੇ ਸੁਮੇਧ ਸੈਣੀ ਦੇ ਖਾਸ ਰਹੇ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਵਾਅਦਾ ਮਾਫ ਗਵਾਹ ਬਣ ਗਏ ਹਨ। ਇਹ ਸਾਰੀ ਕਾਰਵਾਈ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਤੇ ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਹੋਈ ਜਿੱਥੇ ਜੱਜ ਦੇ ਸਾਹਮਣੇ ਦੋਵੇਂ ਸਾਬਕਾ ਅਧਿਕਾਰੀਆਂ ਨੇ ਸੀਆਰਪੀਸੀ ਦੀ ਧਾਰਾ 164 ਤਹਿਤ ਬਿਆਨ ਦਰਜ ਕਰਵਾਏ।

ਬਿਆਨ ਦਰਜ ਕਰਨ ਤੋਂ ਪਹਿਲਾਂ ਸਾਬਕਾ ਪੁਲਿਸ ਅਫ਼ਸਰਾਂ ਨੇ ਅਦਾਲਤ ਨੂੰ ਸਪੱਸ਼ਟ ਕੀਤਾ ਕਿ ਉਹ ਆਪਣੀ ਮਰਜ਼ੀ ਨਾਲ ਹੀ ਬਿਆਨ ਦੇ ਰਹੇ ਹਨ। ਉਂਜ ਵੀ ਦੋਵੇਂ ਅਧਿਕਾਰੀ ਪਹਿਲਾਂ ਹੀ ਧਾਰਾ 306 ਤਹਿਤ ਲਿਖਤੀ ਰੂਪ ਵਿੱਚ ਆਪਣੇ ਬਿਆਨ ਦੇ ਚੁੱਕੇ ਹਨ। ਉੱਧਰ ਵਾਅਦਾ ਮੁਆਫ਼ ਗਵਾਹਾਂ ਦੇ ਬਿਆਨਾਂ ’ਤੇ ਹੁਣ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਅਦਾਲਤ ਨੇ ਸੈਣੀ ਤੇ ਹੋਰਨਾਂ ਖ਼ਿਲਾਫ਼ ਧਾਰਾ 302 ਦਾ ਵਾਧਾ ਕਰਨ ਜਾਂ ਨਾ ਕਰਨ ਬਾਰੇ ਆਪਣਾ ਫੈਸਲਾ 21 ਅਗਸਤ ਤੱਕ ਰਾਖਵਾਂ ਰੱਖ ਲਿਆ ਹੈ।