ਪੰਜਾਬ 'ਚ ਕਾਰੋਬਾਰੀ ਦਾ ਗੋਲੀਆਂ ਮਾਰ ਕੀ ਕੀਤਾ ਕਤਲ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ; ਜਾਣੋ ਪੂਰਾ ਮਾਮਲਾ
Punjab News: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਅਣਪਛਾਤੇ ਮੋਟਰਸਾਈਕਲ ‘ਤੇ ਸਵਾਰ ਨੌਜਵਾਨਾਂ ਨੇ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।

Punjab News: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਅਣਪਛਾਤੇ ਮੋਟਰਸਾਈਕਲ ‘ਤੇ ਸਵਾਰ ਨੌਜਵਾਨਾਂ ਨੇ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਉਹ ਆਪਣੀ ਦੁਕਾਨ ਬੰਦ ਕਰਕੇ ਆਪਣੀ ਕਾਰ ਵਿੱਚ ਘਰ ਪਰਤ ਰਿਹਾ ਸੀ।
ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਜੋਂ ਹੋਈ ਹੈ। ਜਦੋਂ ਰਵੀ ਆਪਣੇ ਘਰ ਦੇ ਗੇਟ ਦੇ ਬਾਹਰ ਪਹੁੰਚਿਆ ਅਤੇ ਕਾਰ ਤੋਂ ਉਤਰਨ ਲੱਗਿਆ ਤਾਂ ਗੁਰਦੁਆਰਾ ਚੌਲਾ ਸਾਹਿਬ ਤੋਂ ਆ ਰਹੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ 'ਤੇ ਗੋਲੀਬਾਰੀ ਕਰ ਦਿੱਤੀ। ਇਸ ਹਮਲੇ ਵਿੱਚ ਰਵੀ ਗੰਭੀਰ ਜ਼ਖਮੀ ਹੋ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕਿਆਂ ਦੇ ਲੋਕ ਇਕੱਠੇ ਹੋ ਗਏ। ਬਦਮਾਸ਼ਾਂ ਨੇ ਕਾਰ ਦੇ ਸ਼ੀਸ਼ੇ ਵੀ ਤੋੜ ਦਿੱਤੇ।
ਲੋਕ ਅਤੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਲੈ ਗਏ, ਪਰ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਰਵੀ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾ ਲੱਗਿਆ ਹੈ ਕਿ ਰਵੀ ਦੀ ਛਾਤੀ ਵਿੱਚ ਗੋਲੀ ਲੱਗੀ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਬਦਮਾਸ਼ਾਂ ਨੇ 3 ਗੋਲੀਆਂ ਚਲਾਈਆਂ। ਹਮਲਾਵਰ ਬੁਲੇਟ 'ਤੇ ਸਵਾਰ ਹੋ ਕੇ ਆਏ ਸਨ।
ਰਵੀ 'ਤੇ ਗੋਲੀਬਾਰੀ ਕਿਉਂ ਕੀਤੀ ਗਈ, ਹਾਲੇ ਇਨ੍ਹਾਂ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉੱਥੇ ਹੀ ਜਾਣਕਾਰੀ ਮਿਲੀ ਹੈ ਕਿ ਰਵੀ ਨੂੰ ਲਗਭਗ 1 ਮਹੀਨਾ ਪਹਿਲਾਂ ਫਿਰੌਤੀ ਦਾ ਫੋਨ ਵੀ ਆਇਆ ਸੀ। ਪੁਲਿਸ ਨੇ ਉਸ ਨੂੰ ਦੋ ਸੁਰੱਖਿਆ ਕਰਮਚਾਰੀ ਵੀ ਦਿੱਤੇ ਸਨ ਪਰ ਘਟਨਾ ਵੇਲੇ ਦੋਵੇਂ ਸੁਰੱਖਿਆ ਕਰਮਚਾਰੀ ਉਸਦੇ ਨਾਲ ਨਹੀਂ ਸਨ।
ਪੁਲਿਸ ਪਿਛਲੇ 1 ਮਹੀਨੇ ਤੋਂ ਰਵੀ ਦੇ ਮੋਬਾਈਲ ਦਾ ਸੀਡੀਆਰ ਕਢਵਾ ਰਹੀ ਹੈ। ਪੁਲਿਸ ਅਧਿਕਾਰੀ ਗੁਰਦਾਸਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੇ ਹਨ। ਪੁਲਿਸ ਫਿਰੌਤੀ ਦੇ ਨਾਲ-ਨਾਲ ਹੋਰ ਵੀ ਕਈ ਤਰੀਕਿਆਂ ਨਾਲ ਜਾਂਚ ਕਰ ਰਹੀ ਹੈ। ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।






















