Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ਦੇ ਦੋਸ਼ ਵਿਚ ਤਨਖ਼ਾਹੀਆ ਕਰਾਰ ਦਿੱਤਾ ਹੈ।

ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿਚ ਸੋਧ ਅਤੇ ਸਿੱਖੀ ਸਰੂਪ ਸੰਬੰਧੀ ਕਥਿਤ ਗਲਤ ਟਿੱਪਣੀਆਂ ਕਰਨ ਦੇ ਦੋਸ਼ ਵਿਚ ਸਿੰਘ ਸਹਿਬਾਨ ਵੱਲੋਂ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋਣ ਦੇ ਤਿੰਨ ਮੌਕੇ ਦਿੱਤੇ ਗਏ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣੇ ਦੋ ਵਿਧਾਇਕਾਂ ਰਾਹੀਂ ਸਪੱਸ਼ਟੀਕਰਨ ਪੱਤਰ ਭੇਜਿਆ ਸੀ। 


 

ਅੱਜ ਉਸ ਸਪੱਸ਼ਟੀਕਰਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੰਗਤ ਨੂੰ ਦਿਖਾਉਂਦੇ ਹੋਏ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਦਾ ਕਹਿਣਾ ਹੈ ਸੰਗਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਪਸ਼ਟੀਕਰਨ ਤੋਂ ਖੁਸ਼ ਨਹੀਂ ਹੈ ,ਜਿਸ ਕਰਕੇ ਅੱਜ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।

 

ਉਨ੍ਹਾਂ ਕਿਹਾ ਕਿ ਜਾਣ-ਬੁੱਝ ਕੇ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਮਾਂ ਖਰਾਬ ਕੀਤਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮਜਾਕੀਏ ਅੰਦਾਜ਼ ਵਿੱਚ ਲਿਆ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਕੀਤਾ ਜਾਂਦਾ ਹੈ ਕਿ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਪੰਥਕ ਸਟੇਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੋਲਣ ਨਾ ਦੇਣ ਤੇ ਨਾ ਹੀ ਕੋਈ ਸਿਰੋਪਾਓ ਦਿੱਤਾ ਜਾਵੇ, ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗ ਲੈਂਦੇ, ਓਨੀ ਦੇਰ ਤੱਕ ਉਹ ਤਨਖਾਹੀਆ ਕਰਾਰ ਰਹਿਣਗੇ। 

 

 ਦੱਸ ਦੇਈਏ ਕਿ ਪਿਛਲੇ ਮਹੀਨੇ ਵਿਧਾਨ ਸਭਾ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਐਕਟ 1925 ਦੇ ਵਿੱਚ ਸੋਧ ਕਰਨ ਤੋਂ ਬਾਅਦ ਅਤੇ ਇੱਕ ਸਿੱਖ ਦੀ ਦਾੜ੍ਹੀ ਦੇ ਉਪਰ ਟਿੱਪਣੀ ਕਰਨ ਦੇ ਮਾਮਲੇ ਵਿੱਚ ਸਰਬੱਤ ਖਾਲਸਾ ਵੱਲੋਂ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਉੱਪਰ ਆ ਕੇ ਪੇਸ਼ ਹੋਣ ਲਈ ਤਲਬ ਕੀਤਾ ਸੀ।