Punjab News: ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸਖ਼ਤ ਸ਼ਬਦਾਂ ਦੀ ਵਰਤੋਂ ਹਰ ਕਿਸੇ ਲਈ ਨਹੀਂ ਸਗੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕੀਤੀ ਹੈ।
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਚੇਤਾਵਨੀ ਦਿੱਤੀ ਸੀ
ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਇੱਕ ਸੱਭਿਅਕ ਸਮਾਜ ਵਿੱਚ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ਼ ਚੇਤਾਵਨੀ ਦਿੱਤੀ ਸੀ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਿਤਾਵਨੀ ਦਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਤੋਂ ਸਿਵਾਏ ਹੋਰ ਕੋਈ ਵੀ ਉਦੇਸ਼ ਨਹੀਂ ਸੀ।
ਉਹਨਾਂ ਦੇ ਬਿਆਨਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੁਝ ਸਵਾਰਥੀ ਲੋਕ ਉਹਨਾਂ ਦੇ ਬਿਆਨਾਂ ਨੂੰ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਸਿਰਫ਼ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨ ਵਾਲਿਆਂ ਲਈ ਸੀ। ਉਨ੍ਹਾਂ ਕਿਹਾ ਕਿ ਉਹਨਾਂ ਨੇ ਇਹਨਾਂ ਸਖ਼ਤ ਸ਼ਬਦਾਂ ਦੀ ਵਰਤੋਂ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੀਤੀ ਹੈ ਅਤੇ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਚਾਹੁੰਦੇ ਹਨ।