ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਅਗਾਊਂ ਪ੍ਰਬੰਧਾਂ ਲਈ 4 ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ।


ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਲਈ ਪੰਜ ਸੌ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜੋ 30 ਜੁਲਾਈ ਨੂੰ ਪਾਕਿਸਤਾਨ ਜਾਣਗੇ। ਇਨ੍ਹਾਂ ਵਿੱਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸਾਹਿਬਾਨ ਦੇ ਜਥੇਦਾਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਵੱਖ-ਵੱਖ ਜਥੇਬੰਦੀਆਂ ਦੇ ਆਗੂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ, ਪ੍ਰਮੁੱਖ ਪੰਥਕ ਸ਼ਖ਼ਸੀਅਤਾਂ, ਸਿੰਘ ਸਭਾਵਾਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹਨ।

ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 4 ਮੈਂਬਰੀ ਵਫ਼ਦ ਪਾਕਿਸਤਾਨ ਪੁੱਜ ਕੇ ਲੋੜੀਂਦੀ ਪ੍ਰਬੰਧਾਂ ਦਾ ਜਾਇਜ਼ਾ ਲਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਪਾਕਿਸਤਾਨ ਪੁੱਜਣ ਵਾਲੇ ਪੰਜ ਸੌ ਵੱਧ ਸ਼ਰਧਾਲੂਆਂ ਪਾਕਿਸਤਾਨ ਵਿਖੇ ਰਿਹਾਇਸ਼, ਆਵਾਜਾਈ ਆਦਿ ਦੇ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਕੀਰਤਨ ਸਬੰਧੀ ਉਥੇ ਪ੍ਰਕਾਸ਼ਨਿਕ ਪੱਧਰ ’ਤੇ ਲੋੜੀਂਦੇ ਕਾਰਜਾਂ ਲਈ ਵੀ ਸਥਾਨਕ ਸਿੱਖ ਆਗੂਆਂ ਦੀ ਮੱਦਦ ਨਾਲ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ 30 ਜੁਲਾਈ ਨੂੰ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਮਗਰੋਂ 1 ਅਗਸਤ ਨੂੰ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਭਾਰਤ ਲਈ ਆਰੰਭਤਾ ਹੋਵੇਗੀ।