ਫਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਦੇ ਸ਼ਹੀਦੀ ਜੋੜ ਮੇਲ ਦੇ ਤੀਸਰੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਸਮੇਤ ਧਾਰਮਿਕ, ਰਾਜਨੀਤਕ ਤੇ ਸਮਾਜਕ ਸ਼ਖਸੀਅਤਾਂ ਦੇ ਨਾਲ-ਨਾਲ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਇਆ ਗਿਆ। ਇਸ ਵਿੱਚ ਸ਼ਾਮਲ ਸੰਗਤਾਂ ਸਤਿਨਾਮ-ਵਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜੈਕਾਰਿਆਂ ਦੀ ਗੂੰਝ ਵਿੱਚ ਸੁਨਹਿਰੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਗੱਤਕਾ ਅਖਾੜਿਆਂ ਨੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਤੇ ਸਭਾ-ਸੁਸਾਇਟੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇੱਥੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਤੇ ਸਮਾਪਤੀ ਦੀ ਅਰਦਾਸ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ।