ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ’ਤੇ ਮੌਕੇ ਉੱਤੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ। ਨਗਰ ਕੀਰਤਨ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਵੀ ਸ਼ਾਮਲ ਹੋਏ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਇਸ ਦੀ ਸ਼ੋਭਾ ਵਧਾਈ। ਇਸ ਮੌਕੇ ਉੱਤੇ ਗੁਰੂ ਕੀ ਲਾਡਲੀ ਫ਼ੌਜ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ। ਥਾਂ ਥਾਂ ਸਿੱਖ ਸੰਗਤਾਂ ਨੇ ਫੁੱਲਾਂ ਦੀ ਬਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਦਿਹਾੜਾ ਦੇਸ਼ ਵਿਦੇਸ਼ ਵਿੱਚ 14 ਨਵੰਬਰ ਨੂੰ ਸ਼ਰਧਾ ਅਤੇ ਉਲਾਸ ਨਾਲ ਮਨਾਇਆ ਜਾ ਰਿਹਾ ਹੈ।
14 ਨਵੰਬਰ ਨੂੰ ਦਰਬਾਰ ਸਾਹਿਬ ਦੀ ਖ਼ਾਸ ਤੌਰ ਉੱਤੇ ਦੀਪਮਾਲਾ ਕੀਤੀ ਜਾਵੇਗੀ। ਇਸ ਮੌਕੇ ਉੱਤੇ ਹੋਣ ਵਾਲੀ ਆਤਿਸ਼ਬਾਜ਼ੀ ਵੇਖਣ ਵਾਲੀ ਹੋਵੇਗੀ। ਇਸ ਕਰ ਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਦਰਬਾਰ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।