ਅੰਮ੍ਰਿਤਸਰ: ਪਿਛਲੇ ਮਹੀਨੇ ਹੁਸ਼ਿਆਰਪੁਰ ਦੇ ਤਿੰਨ ਸਿੱਖ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਦਲੇ ਉਮਰਕੈਦ ਦੇ ਮਾਮਲੇ ਦੀ ਪੈਰਵੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ। ਸਿੱਖ ਜਥੇਬੰਦੀਆਂ ਨੇ ਵਿਰੋਧ ਕਰਦਿਆਂ ਕਿਹਾ ਸੀ ਕਿ ਇਨ੍ਹਾਂ ਤਿੰਨਾਂ ਨੌਜਵਾਨਾਂ ਤੋਂ ਸਾਹਿਤਿਕ ਸਮੱਗਰੀ ਤੋਂ ਇਲਾਵਾ ਕੁਝ ਖ਼ਾਸ ਬਰਾਮਦ ਨਹੀਂ ਹੋਇਆ, ਪਰ ਫਿਰ ਵੀ ਉਨ੍ਹਾਂ ਨੂੰ ਇੰਨੀ ਵੱਡੀ ਸਜ਼ਾ ਸੁਣਾਈ ਗਈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਨ੍ਹਾਂ ਨੌਜਵਾਨਾਂ ਨੂੰ ਕਾਨੂੰਨੀ, ਵਿੱਤੀ ਤੇ ਹਰ ਕਿਸਮ ਦੀ ਸਹਾਇਤਾ ਦੇਣ ਦੇ ਹੁਕਮ ਹੋਏ।


ਇਹ ਵੀ ਪੜ੍ਹੋ- ਸਿਰਫ ਸਾਹਿਤ ਰੱਖਣ ਨਾਲ ਕਿਵੇਂ ਛਿੜ ਸਕਦੀ ਦੇਸ਼ ਵਿਰੁੱਧ ਜੰਗ? ਤਿੰਨ ਸਿੱਖ ਨੌਜਵਾਨਾਂ ਨੂੰ ਉਮਰ ਕੈਦ 'ਤੇ ਉੱਠੇ ਸਵਾਲ

ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਉਕਤ ਫੈਸਲੇ ਤੋਂ ਇਲਾਵਾ ਨਾਨਕਸ਼ਾਹੀ ਸੰਮਤ 551 ਕੈਲੰਡਰ ਵੀ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੇਥਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਕੈਲੰਡਰ ਜਾਰੀ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕੁਝ ਅਹਿਮ ਨਿਰਦੇਸ਼ ਵੀ ਦਿੱਤੇ। ਜਥੇਦਾਰ ਨੇ ਕਿਹਾ ਕਿ ਸਾਰੇ ਦਿਨ-ਤਿਓਹਾਰ ਇਸ ਕੈਲੰਡਰ ਮੁਤਾਬਕ ਹੀ ਮਨਾਏ ਜਾਣ।

ਸਬੰਧਤ ਖ਼ਬਰ- ਅੱਜ ਫਿਰ ਉੱਛਲੇਗਾ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦਾ ਮਾਮਲਾ...!

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਦੱਸਿਆ ਕਿ 550ਵੇਂ ਪ੍ਰਕਾਸ਼ ਦਿਹਾੜੇ ਲਈ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਉਹ ਪੰਜਾਬ ਸਰਕਾਰ ਨੂੰ ਵੀ ਸਹਿਯੋਗ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲਣਗੇ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਇੱਕੋ ਮੰਚ ਤੋਂ ਹੋਣ। ਉਨ੍ਹਾਂ ਆਸ ਕੀਤੀ ਕਿ ਭਾਰਤ-ਪਾਕਿ ਤਣਾਅ ਦਾ ਅਸਰ ਲਾਂਘੇ 'ਤੇ ਨਹੀਂ ਪਵੇਗਾ ਅਤੇ ਤੈਅ ਸਮੇਂ 'ਤੇ ਸੰਗਤ ਲਈ ਲਾਂਘਾ ਖੋਲ੍ਹ ਦਿੱਤਾ ਜਾਵੇਗਾ।