ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ ਵੀ ਸੀਨੀਅਰ ਅਹੁਦੇਦਾਰ ਹਾਜ਼ਰ ਸਨ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੈਲੰਡਰ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਪੁਰਬ ਤੇ ਸਿੱਖ ਧਰਮ ਨਾਲ ਸਬੰਧਤ ਹੋਰ ਇਤਿਹਾਸਕ ਦਿਹਾੜਿਆਂ ਦੀਆਂ ਤਾਰੀਖਾਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ ਤੇ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਕਿਹਾ ਕਿ ਇਸ ਕੈਲੰਡਰ ਅਨੁਸਾਰ ਹੀ ਸਮੁੱਚੇ ਦਿਹਾੜੇ ਮਨਾਏ ਜਾਣ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਾਰ-ਵਾਰ ਆਦੇਸ਼ ਦਿੱਤੇ ਗਏ ਹਨ ਕਿ ਗੁਰਦੁਆਰਾ ਕਮੇਟੀਆਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਗੁਰੂ-ਘਰਾਂ ਦੀ ਪਹਿਰੇਦਾਰੀ ਯਕੀਨੀ ਬਣਾਉਣ ਪਰ ਫਿਰ ਵੀ ਕਈ ਥਾਵਾਂ 'ਤੇ ਅਣਗਹਿਲੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇੱਕ ਵਾਰ ਫਿਰ ਗੁਰਦੁਆਰਾ ਕਮੇਟੀਆਂ ਨੂੰ ਕਿਹਾ ਕਿ ਸਮੁੱਚੇ ਗੁਰੂ-ਘਰਾਂ ਅੰਦਰ ਹਰ ਸਮੇਂ ਸੇਵਾਦਾਰ ਦੀ ਹਾਜ਼ਰੀ ਲਾਜ਼ਮੀ ਕੀਤੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ ਨੂੰ ਠੱਲ੍ਹਣ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਕੇ ਹਰ ਧਰਮ ਦੇ ਬਾਸ਼ਿੰਦਿਆਂ ਦੀ ਜਾਨ-ਮਾਲ ਦੀ ਰਖਵਾਲੀ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।